ਪੰਥ ਗੁਰੂ ਦਾ ਹੈ, ਜਿਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ- ਗਿਆਨੀ ਕੁਲਦੀਪ ਸਿੰਘ ਗੜਗੱਜ
ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖ ਸਿਧਾਂਤਾ ਤੋਂ ਜਾਣੂ ਕਰਵਾਉਣਾ- ਐਡਵੋਕੇਟ ਧਾਮੀ
ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੁਰਦੁਆਰਾ ਸ੍ਰੀ ਦੇਗਸਰ ਸਾਹਿਬ ਕਟਾਣਾ ਸਾਹਿਬ, ਲੁਧਿਆਣਾ ਵਿਸ਼ਰਾਮ ਕਰਨ ਮਗਰੋਂ ਅੱਜ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਕਤਲਗੜ੍ਹ ਸਾਹਿਬ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਰਹੀਆਂ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਥ ਨੂੰ ਕਮਜ਼ੋਰ ਕਰਨ ਲਈ ਸਮੇਂ ਸਮੇਂ ਬਹੁਤ ਸਾਰੀਆਂ ਚੁਣੌਤੀਆਂ ਅਤੇ ਸ਼ਾਜਿਸ਼ਾਂ ਸਾਹਮਣੇ ਆਉਦੀਆਂ ਹਨ, ਪਰ ਇਹ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ ਕਿ ਪੰਥ ਗੁਰੂ ਦਾ ਹੈ ਜਿਸ ਨੂੰ ਕਦੇ ਵੀ ਕਮਜ਼ੋਰ ਨਹੀ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਇਕ ਸ਼ਾਜਿਸ਼ ਤਹਿਤ ਸਾਡੀ ਨੌਜਵਾਨੀ ਨੂੰ ਨਸ਼ਿਆਂ ਤੇ ਲਾਇਆ ਜਾ ਰਿਹਾ ਹੈ, ਜਿਸ ਪ੍ਰਤੀ ਸੁਚੇਤ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ਰੇਆਮ ਨਸ਼ੇ ਵਿਕ ਰਹੇ ਹਨ, ਪਰ ਸਰਕਾਰਾਂ ਕੇਵਲ ਦਾਵਿਆਂ ਤੱਕ ਹੀ ਸੀਮਿਤ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਮਾਰੂ ਨਸ਼ਿਆਂ ਤੋਂ ਬਚਾਉਣ ਲਈ ਹੁਣ ਸਰਕਾਰ ਦੇ ਝੂਠੇ ਦਾਵਿਆ ਦੀ ਝਾਕ ਛੱਡ ਕੇ ਸਾਰਿਆਂ ਨੂੰ ਨਸ਼ੇ ਵਿਰੁੱਧ ਖੜ੍ਹਨਾ ਪਵੇਗਾ। ਉਨ੍ਹਾਂ ਕਿਹਾ ਕਿ ਜਦ ਨੌਜਵਾਨ ਕਹਿ ਰਹੇ ਹਨ ਕਿ ਨਸ਼ਾ ਆਮ ਮਿਲ ਰਿਹਾ ਹੈ ਤਾਂ ਇਹ ਸਾਡੇ ਸਮਾਜ ਲਈ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਉਨ੍ਹਾਂ ਨੂੰ ਨਸ਼ੇ ਤੋਂ ਬਚਾਉਣ ਤੇ ਮੁੜ ਗੁਰੂ ਦੇ ਲੜ ਲਗਾਉਣ ਲਈ ਸਾਡੀ ਸਾਂਝੀ ਜ਼ੁੰਮੇਵਾਰੀ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਜਿਥੇ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾ ਤੋਂ ਜਾਣੂ ਕਰਵਾਉਣਾ ਹੈ, ੳੋੁਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਇਕ ਸ਼ਬਦ ਹੀ ਨਹੀਂ ਸਗੋਂ ਸਿੱਖ ਜੀਵਨ ਦਾ ਬੁਨਿਆਦੀ ਸਿਧਾਂਤ ਹੈ। ਇਸ ਸਿਧਾਂਤ ਨਾਲ ਗੁਰੂ ਸਾਹਿਬ ਨੇ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜਿੰਮੇਵਾਰੀ ਨਿਭਾਉਣ ਅਤੇ ਸੱਚ ਲਈ ਖੜ੍ਹੇ ਹੋਣ ਦਾ ਮਾਰਗ ਦਿਖਾਇਆ। ਇਸ ਸਿਧਾਂਤ ਤੇ ਪਹਿਰਾ ਦੇਣਾ ਹਰ ਸਿੱਖ ਦਾ ਫਰਜ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦੀ ਸੰਪੂਰਨਤਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ।
ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਰਸਤੇ ਵਿਚ ਸੰਗਤਾਂ ਵੱਲੋਂ ਸਜਾਵਟੀ ਗੇਟ ਬਣਾਏ ਗਏ ਸਨ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਖ਼ਾਲਸਾ ਮਾਰਚ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨੌਜਵਾਨਾਂ ਨੂੰ ਸਿੱਖੀ ਸਰੂਪ ਵਿਚ ਵਾਪਸ ਆਉਣ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਬਹੁਤ ਸਾਰੇ ਨੌਜਵਾਨਾਂ ਨੇ ਸਾਬਤ ਸੂਰਤ ਹੋਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ। ਖ਼ਾਲਸਾ ਮਾਰਚ ਨਾਲ ਚਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਅੰਦਰ ਵੱਡਾ ਉਤਸ਼ਾਹ ਸੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਸ. ਰਘਬੀਰ ਸਿੰਘ ਸਹਾਰਨਮਾਜਰਾ, ਬਾਬਾ ਬੂਟਾ ਸਿੰਘ, ਸ. ਰਣਜੀਤ ਸਿੰਘ ਮੰਗਲੀ, ਸ. ਦਵਿੰਦਰ ਸਿੰਘ ਖੱਟੜਾ, ਬੀਬੀ ਹਰਜਿੰਦਰ ਕੌਰ ਪੁਵਾਤ, ਹਲਕਾ ਇੰਚਾਰਜ ਸ. ਮਨਜੀਤ ਸਿੰਘ, ਸ. ਸੁਰਜੀਤ ਸਿੰਘ ਪੰਧੇਰ, ਸ. ਪਰਮਿੰਦਰ ਸਿੰਘ ਪਾਇਲ, ਬਾਬਾ ਗੁਰਦੇਵ ਸਿੰਘ, ਜਥੇਦਾਰ ਜਗਦੇਵ ਸਿੰਘ ਪਾਇਲ, ਸ. ਰਾਜਨ ਸਿੰਘ ਲੁਧਿਆਣਾ, ਸ. ਨਵਤੇਜ ਸਿੰਘ, ਸ. ਹਰਜਿੰਦਰ ਸਿੰਘ ਪੁਵਾਤ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਜਸਬੀਰ ਸਿੰਘ, ਸ. ਚੰਚਲਪ੍ਰੀਤ ਸਿੰਘ, ਸ. ਨਿਸ਼ਾਨ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

