ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਗਿੱਲ ਨੇ ਜੰਤਰ-ਮੰਤਰ ਅੰਦੋਲਨ ਸਮੇਂ ਸ਼ਨੀਵਾਰ ਨੂੰ ਮਹਿਲਾ ਪੱਤਰਕਾਰ ਨਾਲ ਏ.ਸੀ.ਪੀ ਵਿਵੇਕ ਭਗਤ ਵੱਲੋਂ ਕੀਤੀ ਗਈ ਕਥਿਤ ਜਿਨਸੀ ਛੇੜਛਾੜ ਦੀ ਘਟਨਾ ਦੀ ਜ਼ੋਰਦਾਰ ਨਿੰਦਾ ਕੀਤੀ ਹੈ।
ਉਨ੍ਹਾਂ ਕਿਹਾ ਕਿ ਡਿਊਟੀ ਨਿਭਾ ਰਹੀ ਮਹਿਲਾ ਪੱਤਰਕਾਰ ਨਾਲ ਅਜਿਹਾ ਵਿਵਹਾਰ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮਹਿਲਾ ਪੱਤਰਕਾਰ ਦੀ ਸ਼ਿਕਾਇਤ ’ਤੇ ਏਸੀਪੀ ਵਿਵੇਕ ਭਗਤ ਖ਼ਿਲਾਫ਼ ਤੁਰੰਤ ਕੇਸ ਦਰਜ ਕਰਕੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕੀਤੀ ਜਾਵੇ ਅਤੇ ਜਾਂਚ ਨੂੰ ਪ੍ਰਭਾਵਿਤ ਹੋਣ ਤੋਂ ਰੋਕਣ ਲਈ ਪੁਲੀਸ ਅਧਿਕਾਰੀ ਨੂੰ ਫ਼ੌਰੀ ਮੁਅੱਤਲ ਕੀਤਾ ਜਾਵੇ। ਆਗੂਆਂ ਨੇ ਕੁਝ ਹੋਰ ਪੱਤਰਕਾਰਾਂ ਵੱਲੋਂ ਵੀ ਕੀਤੀਆਂ ਅਜਿਹੀਆਂ ਸ਼ਿਕਾਇਤਾਂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਪੱਤਰਕਾਰ ਆਪਣੀ ਪੇਸ਼ੇਵਰ ਜ਼ਿੰਮੇਵਾਰੀ ਨਿਭਾਉਂਦੇ ਹੋਏ ਜਨਤਕ ਅੰਦੋਲਨਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਦੀ ਰਿਪੋਰਟਿੰਗ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਦੇਣਾ ਪੁਲੀਸ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਆਗੂਆਂ ਨੇ ਕਿਹਾ ਕਿ ਪੱਤਰਕਾਰਾਂ ਦੀ ਸੁਰੱਖਿਆ, ਸਨਮਾਨ ਅਤੇ ਆਜ਼ਾਦਾਨਾ ਰਿਪੋਰਟਿੰਗ ਦੇ ਹੱਕ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਿੱਲੀ ਪੁਲੀਸ ਤੋਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਿਤ ਸਾਰੇ ਸਬੂਤ ਸੁਰੱਖਿਅਤ ਰੱਖਦਿਆਂ ਮਾਮਲੇ ਦੀ ਸਮਾਂਬੱਧ ਜਾਂਚ ਕੀਤੀ ਜਾਵੇ ਅਤੇ ਦੋਸ਼ ਸਾਬਤ ਹੋਣ ’ਤੇ ਸਬੰਧਿਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ।


