ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਭਗਵੰਤ ਮਾਨ ਸਰਕਾਰ ਉੱਤੇ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨਾਲ ਵਾਅਦਾ ਖਿਲਾਫ਼ੀ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਮੁਲਾਜ਼ਮ ਸੰਘਰਸ਼ ਦਾ ਸਮਰਥਨ ਕਰਦੀ ਹੈ।
ਅਵਿਨਾਸ਼ ਖੰਨਾ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਕੋਲ ਉਠਾ ਰਹੇ ਹਨ, ਪਰ ਅਜੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਸਰਕਾਰ ਦੀ ਇਸ ਬੇਰੁਖ਼ੀ ਦਾ ਖ਼ਮਿਆਜ਼ਾ ਮੁਲਾਜ਼ਮਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭੁਗਤਣਾ ਪੈਂਦਾ ਹੈ। ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਵਿਦਿਆਰਥੀਆਂ, ਨੌਕਰੀਪੇਸ਼ਾ ਲੋਕਾਂ ਅਤੇ ਹੋਰ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਾ ਕਰਨ, ਆਊਟਸੋਰਸਿੰਗ ਪ੍ਰਣਾਲੀ ਖ਼ਤਮ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ਅਧੀਨ ਲਿਆਉਣ ਵਰਗੀਆਂ ਮੰਗਾਂ ’ਤੇ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸਰਕਾਰ ਨੂੰ ਇਸ ਪ੍ਰਣਾਲੀ ਦੀ ਸਮੀਖਿਆ ਕਰਕੇ ਮੁਲਾਜ਼ਮਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਬਣਦੀਆਂ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੱਲ ਕੱਢਿਆ ਜਾਵੇ, ਤਾਂ ਜੋ ਹੜਤਾਲ ਕਾਰਨ ਆਮ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇ।


