ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਤੇ ਬਦਹਾਲੀ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਕਰਾਰ

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ

ਪੰਜਾਬ ਨੂੰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਰਬਾਦੀ ਵੱਲ ਧੱਕ ਦਿੱਤਾ ਹੈ ਅਤੇ ਸੂਬੇ ਦੇ ਲੋਕ ਹੁਣ ਬਦਲਾਅ ਦੀ ਉਮੀਦ ਨਾਲ ਭਾਰਤੀ ਜਨਤਾ ਪਾਰਟੀ ਵੱਲ ਦੇਖ ਰਹੇ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਢਿੱਲੋ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਬਦਹਾਲੀ ਵਰਗੀਆਂ ਸਮੱਸਿਆਵਾਂ ਗੰਭੀਰ ਚੁਣੌਤੀ ਬਣੀਆਂ ਹੋਈਆਂ ਹਨ। ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਇੱਥੇ ਪਿੰਡ ਮਾਂਗੇਵਾਲ ਵਿਖੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਦੇ ਨਵੇਂ ਗ੍ਰਹਿ ਪ੍ਰਵੇਸ਼ ਸਮਾਗਮ ਮੌਕੇ ਹਾਜ਼ਰ ਹੋਏ ਸਨ।

ਕੇਵਲ ਢਿੱਲੋਂ ਨੇ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਸੂਬਿਆਂ ਵਿੱਚ ਹੋ ਰਹੇ ਵਿਕਾਸ ਨੂੰ ਦੇਖਿਆ ਜਾ ਸਕਦਾ ਹੈ। ਉਨ੍ਹਾਂ ਹਰਿਆਣਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਕੱਲੇ ਗੁਰੂਗ੍ਰਾਮ ਦੀ ਆਮਦਨ ਪੰਜਾਬ ਦੀ ਸਮੁੱਚੀ ਆਰਥਿਕਤਾ ਨਾਲੋਂ ਵੀ ਵੱਡੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਵੱਲੋਂ 24 ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਅਤੇ ਗੁਜਰਾਤ ਵਿੱਚ ਉਦਯੋਗਿਕ ਵਿਕਾਸ ਦੀਆਂ ਉਦਾਹਰਨਾਂ ਵੀ ਉਨ੍ਹਾਂ ਨੇ ਪੇਸ਼ ਕੀਤੀਆਂ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਅਰਥਵਿਵਸਥਾ ਨੇ ਤਰੱਕੀ ਕੀਤੀ ਹੈ ਅਤੇ ਭਾਰਤ ਦੁਨੀਆ ਦੀ ਪੰਜਵੀਂ ਵੱਡੀ ਅਰਥਵਿਵਸਥਾ ਬਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਵਿਕਾਸ ਦੇ ਅਜਿਹੇ ਮਾਡਲ ਦੀ ਲੋੜ ਹੈ ਅਤੇ ਭਾਜਪਾ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਆਪਣਾ ਰੋਡਮੈਪ ਤਿਆਰ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਭਾਜਪਾ ਵੱਲੋਂ ਚੋਣ ਮਨੋਰਥ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਲੋਕਾਂ ਤੋਂ ਸੁਝਾਅ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਵਿਚਾਰ ਵੀ ਪਾਰਟੀ ਲਈ ਬੇਹੱਦ ਮਹੱਤਵਪੂਰਨ ਹਨ, ਕਿਉਂਕਿ ਲੋਕਾਂ ਨਾਲ ਸਿੱਧੇ ਸੰਪਰਕ ਵਿੱਚ ਰਹਿਣ ਵਾਲੇ ਵਿਅਕਤੀਆਂ ਨੂੰ ਪੰਜਾਬ ਦੀਆਂ ਅਸਲ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਵਧੇਰੇ ਜਾਣਕਾਰੀ ਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਆਪਣੇ ਸੁਝਾਅ ਦੇਣ।

ਨਸ਼ਿਆਂ ਦੇ ਮੁੱਦੇ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਯਾਤਰਾ ਕੱਢੀ ਗਈ ਅਤੇ ਇਸ ਦੌਰਾਨ ਪਾਰਟੀ ਆਗੂਆਂ ਨੇ ਮਾਲਵੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਪਿੰਡਾਂ ਵਿੱਚ ਲੋਕਾਂ ਨੇ ਇਸ ਮੁਹਿੰਮ ਦਾ ਸਵਾਗਤ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਚਿੰਤਾ ਹੈ ਕਿ ਜੇਕਰ ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਪ੍ਰਭਾਵਿਤ ਹੋਵੇਗਾ।
ਪਾਰਟੀ ਦੀ ਚੋਣ ਤਿਆਰੀ ਬਾਰੇ ਗੱਲ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪੂਰੇ ਸੂਬੇ ਵਿੱਚ ਆਪਣੇ ਪੱਧਰ ’ਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਉਨ੍ਹਾਂ ਦਾ ਸਟੈਂਡ ਸਪੱਸ਼ਟ ਹੈ। ਇਸ ਮੌਕੇ ਜਤਿੰਦਰ ਸਿੰਘ ਅਟਵਾਲ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।