ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਦੇ ਸੈਕਟਰ 9 ਸਥਿਤ ਯੂ.ਟੀ.
ਸਕੱਤਰੇਤ ਦੇ ਮਲਟੀਪਰਪਜ਼ ਹਾਲ ਵਿੱਚ ਸੰਵਿਧਾਨ ਦਿਵਸ ਦੇ ਅਵਸਰ ‘ਤੇ ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਸਮੂਹਿਕ ਤੌਰ ‘ਤੇ ਪੜ੍ਹਨ ਦੀ ਅਗਵਾਈ ਕੀਤੀ।

ਇਸ ਅਵਸਰ ‘ਤੇ ਮੁੱਖ ਸਕੱਤਰ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ; ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਗ੍ਰਹਿ ਸਕੱਤਰ ਸ਼੍ਰੀ ਮਨਦੀਪ ਸਿੰਘ ਬਰਾੜ; ਵਿੱਤ ਸਕੱਤਰ ਸ਼੍ਰੀ ਦੀਪਰਵਾ ਲਾਕੜਾ; ਡਿਪਟੀ ਕਮਿਸ਼ਨਰ ਸ਼੍ਰੀ ਨਿਸ਼ਾਂਤ ਕੁਮਾਰ ਯਾਦਵ; ਪ੍ਰਸ਼ਾਸਨਿਕ ਸਕੱਤਰ, ਵਿਭਾਗਾਂ ਦੇ ਮੁਖੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਉਪਸਥਿਤ ਰਹੇ।

ਸਾਰੇ ਹਾਜ਼ਰ ਲੋਕਾਂ ਨੇ ਪ੍ਰਸ਼ਾਸਕ ਨਾਲ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹੀ ਅਤੇ ਸੰਵਿਧਾਨਿਕ ਕਦਰਾਂ-ਕੀਮਤਾਂ, ਵਿਅਕਤੀ ਦੀ ਗਰਿਮਾ ਅਤੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈ।

ਇਸ ਅਵਸਰ ‘ਤੇ ਪ੍ਰਸ਼ਾਸਕ ਨੇ ਕਿਹਾ ਕਿ ਸੰਵਿਧਾਨ ਦਿਵਸ ਸਾਨੂੰ ਸੰਵਿਧਾਨ ਦੇ ਨਿਰਮਾਤਾਵਾਂ ਦੀ ਦੂਰਦ੍ਰਿਸ਼ਟੀ ਅਤੇ ਯੋਗਦਾਨ ਦਾ ਸਨਮਾਨ ਕਰਨ ਦਾ ਅਵਸਰ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਆਦਰਸ਼ ਅੱਜ ਵੀ ਰਾਸ਼ਟਰ ਦੀ ਪ੍ਰਗਤੀ ਦਾ ਮਾਰਗਦਰਸ਼ਨ ਕਰਦੇ ਹਨ ਅਤੇ ਹਰੇਕ ਨਾਗਰਿਕ ਨੂੰ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦੀ ਪ੍ਰੇਰਣਾ ਦਿੰਦੇ ਹਨ।

ਸ਼੍ਰੀ ਕਟਾਰੀਆ ਨੇ ਕਿਹਾ ਕਿ ਸੰਵਿਧਾਨ ਮਾਨਵੀ ਗਰਿਮਾ ਦੀ ਰੱਖਿਆ ਕਰਦਾ ਹੈ ਅਤੇ ਨਾਗਰਿਕਾਂ ਦੇ ਦਰਮਿਆਨ ਭਾਈਚਾਰੇ ਨੂੰ ਹੁਲਾਰਾ ਦਿੰਦੇ ਹੋਏ ਨਿਆਂ, ਸੁਤੰਤਰਤਾ ਅਤੇ ਸਮਾਨਤਾ ਦੀ ਗਰੰਟੀ ਦਿੰਦਾ ਹੈ। ਉਨ੍ਹਾਂ ਨੇ ਰੇਖਾਂਕਿਤ ਕੀਤਾ ਕਿ ਮੌਲਿਕ ਅਧਿਕਾਰਾਂ ਨਾਲ ਮੌਲਿਕ ਕਰਤੱਵ ਵੀ ਜੁੜੇ ਹਨ। ਉਨ੍ਹਾਂ ਨੇ ਸਾਰਿਆਂ ਨੂੰ ਸੰਵਿਧਾਨਕ ਸਿਧਾਂਤਾਂ ਦਾ ਸਨਮਾਨ ਕਰਦੇ ਹੋਏ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਸ਼ਠਾ ਨਾਲ ਨਿਭਾਉਣ ਦਾ ਸੱਦਾ ਦਿੱਤਾ।

ਪ੍ਰਸ਼ਾਸਕ ਨੇ ਅੱਗੇ ਕਿਹਾ ਕਿ ਸੰਵਿਧਾਨਕ ਆਦਰਸ਼ਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਉੱਤਰਦਾਈ ਸ਼ਾਸਨ ਦੇ ਰੂਪ ਵਿੱਚ ਸਾਕਾਰ ਕਰਨਾ ਲੋਕ ਸੇਵਕਾਂ ਦੀ ਵਿਸ਼ੇਸ਼ ਜ਼ਿੰਮੇਦਾਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਰੋਜ਼ਾਨਾ ਦੇ ਕਾਰਜਾਂ ਵਿੱਚ ਇਨ੍ਹਾਂ ਕਦਰਾਂ-ਕੀਮਤਾਂ ਦਾ ਪਾਲਨ ਕਰਨ ਅਤੇ
ਹਰੇਕ ਨਾਗਰਿਕ ਦੀ
ਸੰਵੇਦਨਸ਼ੀਲਤਾ ਅਤੇ ਨਿਰਪੱਖਤਾ ਨਾਲ ਸੇਵਾ ਕਰਨ ਦਾ ਸੱਦਾ ਦਿੱਤਾ।

ਸੰਵਿਧਾਨ ਦਿਵਸ ਦੇ ਆਯੋਜਨ ਦੇ ਤਹਿਤ ਵਿਭਾਗਾਂ, ਦਫ਼ਤਰਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਅਤੇ ਸੰਵਿਧਾਨਕ ਜਾਗਰੂਕਤਾ ਨੂੰ ਹੁਲਾਰਾ ਦੇਣ ਵਾਲੀਆਂ ਗਤੀਵਿਧੀਆਂ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿੱਦਿਅਕ ਸੰਸਥਾਵਾਂ ਨੂੰ ਵੀ ਸੰਵਿਧਾਨ ਦੀਆਂ ਵਿਸ਼ਿਸ਼ਟ ਵਿਸ਼ੇਸ਼ਤਾਵਾਂ ਅਤੇ ਸੰਵਿਧਾਨ ਸਭਾ ਦੀਆਂ ਮਹਿਲਾ ਮੈਂਬਰਾਂ ਸਹਿਤ ਉਨ੍ਹਾਂ ਦੇ ਯੋਗਦਾਨ ਨੂੰ ਰੇਖਾਂਕਿਤ ਕਰਨ ਲਈ ਕੁਇਜ਼ ਅਤੇ ਵਿਸ਼ੇਸ਼ ਪ੍ਰਾਰਥਨਾ ਸਭਾਵਾਂ ਆਯੋਜਿਤ ਕਰਨ ਦੀ ਬੇਨਤੀ ਕੀਤੀ ਗਈ।

ਸੰਵਿਧਾਨ ਸਭਾ ਦੁਆਰਾ 26 ਨਵੰਬਰ, 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅੰਗੀਕ੍ਰਿਤ ਕੀਤੇ ਜਾਣ ਦੀ ਯਾਦ ਵਿੱਚ ਹਰੇਕ ਵਰ੍ਹੇ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ।