ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਕਰੀਬ 45 ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ’ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਆਪਣੇ ਲਗਭਗ ਅੱਧੇ ਵਿਧਾਇਕਾਂ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਨਹੀਂ ਹੈ ਤਾਂ ਇਹ ਸਰਕਾਰ ਦੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਦੀ ਕਾਰਗੁਜ਼ਾਰੀ ਬਾਰੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਅਨਿਲ ਸਰੀਨ ਨੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਸਰਕਾਰ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਰਹੀ ਹੈ ਤਾਂ ਇੰਨੀ ਵੱਡੀ ਗਿਣਤੀ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਬਦਲਣ ਦੀਆਂ ਚਰਚਾਵਾਂ ਕਿਉਂ ਹੋ ਰਹੀਆਂ ਹਨ? ਕੀ ਪਾਰਟੀ ਖ਼ੁਦ ਮੰਨ ਰਹੀ ਹੈ ਕਿ ਉਸ ਦੇ ਚੁਣੇ ਹੋਏ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰ ਸਕੇ?

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਚੋਣਾਂ ਦੌਰਾਨ ਇਹ ਦਾਅਵੇ ਕੀਤੇ ਸਨ ਕਿ ਆਮ ਘਰਾਂ ਵਿੱਚੋਂ ਆਏ ਸਮਰਪਿਤ ਪਾਰਟੀ ਵਲੰਟੀਅਰਾਂ ਨੂੰ ਵਿਧਾਇਕ ਬਣਨ ਦਾ ਮੌਕਾ ਦਿੱਤਾ ਜਾਵੇਗਾ। ਪਰ ਹੁਣ ਸਵਾਲ ਹੈ ਕਿ ਕੀ ਪਾਰਟੀ ਦਾ ਆਪਣੇ ਹੀ ਉਨ੍ਹਾਂ ਵਲੰਟੀਅਰ ਵਿਧਾਇਕਾਂ ਦੀ ਕਾਬਲੀਅਤ ਤੋਂ ਭਰੋਸਾ ਉੱਠ ਗਿਆ ਹੈ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਸਦਕਾ ਪਾਰਟੀ ਸੱਤਾ ਤੱਕ ਪਹੁੰਚੀ ਸੀ?
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਆਪਣੇ ਵਿਧਾਇਕਾਂ ਦੀ ਕਾਰਗੁਜ਼ਾਰੀ, ਚੋਣ ਵਾਅਦਿਆਂ ਦੀ ਪੂਰਤੀ ਅਤੇ ਵਲੰਟੀਅਰਾਂ ਪ੍ਰਤੀ ਆਪਣੀ ਨੀਤੀ ਬਾਰੇ ਪੰਜਾਬ ਦੇ ਲੋਕਾਂ ਸਾਹਮਣੇ ਸਪੱਸ਼ਟ ਜਵਾਬ ਦੇਣਾ ਪਵੇਗਾ।