ਪੰਜਾਬ ਦੇ ਕਿਸਾਨਾਂ ਦਾ ਚੰਡੀਗੜ੍ਹ ਵਿੱਚ ਚੱਲ ਰਿਹਾ ਅੰਦੋਲਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਦੇ ਹੱਲ ਪ੍ਰਤੀ ਅਪਣਾਏ ਗਏ ਹੰਕਾਰੀ ਰਵੱਈਏ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਸਾਰੇ ਲਟਕਦੇ ਮੁੱਦਿਆਂ ਨੂੰ ਹੱਲ ਕਰਨ ਲਈ ਯੋਗ ਢੰਗ-ਤਰੀਕੇ ਲੱਭਣ ਅਤੇ ਮੀਟਿੰਗਾਂ ਕਰਨ ਦੀ ਬਜਾਏ ਕਈ ਟਵੀਟਾਂ ਰਾਹੀਂ ਕਿਸਾਨ ਯੂਨੀਅਨ ਆਗੂਆਂ ਨੂੰ ਜ਼ਲੀਲ ਕਰਨਾ ਚੁਣਿਆ। ਇਸ ਕਾਰਨ ਕਿਸਾਨ ਯੂਨੀਅਨ ਆਗੂਆਂ ਨੂੰ ਤਾਕਤ ਦਿਖਾਉਣ ਲਈ ਮਜਬੂਰ ਹੋਣਾ ਪਿਆ।
ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਵਿਗੜਦੇ ਹਾਲਾਤਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕਰਨ ਕਾਰਨ ਕਿਸਾਨ ਬਹੁਤ ਮੁਸ਼ਕਲ ਦੌਰ ‘ਚੋਂ ਗੁਜ਼ਰ ਰਹੇ ਹਨ। ਹੜ੍ਹ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਸਮੇਂ ਸਿਰ ਮੁਆਵਜ਼ਾ ਅਤੇ ਗੰਨੇ ਅਤੇ ਮੁੰਗੀ ਦੀ ਫ਼ਸਲ ਦਾ ਮੁਆਵਜ਼ਾ ਦੇਣ ਵਰਗੇ ਅਹਿਮ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਤੋਂ ਇਹ ਸਾਫ਼ ਪਤਾ ਚੱਲਦਾ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਦੀ ਬਜਾਏ ਮੁੱਖ ਮੰਤਰੀ ਨੇ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਖੁੱਲ੍ਹੇਆਮ ਧਮਕੀਆਂ ਦੇਣ ਵਾਲੇ ਟਵੀਟ ਕੀਤੇ ਹਨ।
ਭਾਜਪਾ ਦੇ ਮੁੱਖ ਬੁਲਾਰੇ ਜੈਬੰਸ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ਜਦੋਂ ਪੂਰਾ ਪੰਜਾਬ ਅਤੇ ਵਿਸ਼ਵ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ, ਸਾਡੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਖੁੱਲ੍ਹੇ ਵਿੱਚ ਬੈਠਣ ਅਤੇ ਅੰਦੋਲਨ ਕਰਨ ਲਈ ਮਜਬੂਰ ਕਰ ਦਿੱਤਾ ਗਿਆ ਹੈ।
ਕੇਂਦਰੀ ਸਰਕਾਰ ਦੇ ਪੱਧਰ ‘ਤੇ ਲਟਕਦੀਆਂ ਕਿਸਾਨਾਂ ਦੀਆਂ ਮੰਗਾਂ ਬਾਰੇ ਪੁੱਛੇ ਜਾਣ ‘ਤੇ ਜੈਬੰਸ ਸਿੰਘ ਨੇ ਕਿਹਾ ਕਿ ਕੇਂਦਰ ਨੇ ਹਮੇਸ਼ਾ ਹੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਬਹੁਤ ਸੰਵੇਦਨਸ਼ੀਲਤਾ ਦਿਖਾਈ ਹੈ ਅਤੇ ਸਾਰੇ ਮੁੱਦਿਆਂ ਦਾ ਆਪਸੀ ਪ੍ਰਵਾਨਤ ਨਾਲ ਹੱਲ ਲੱਭਣ ਦਾ ਯਤਨ ਕੀਤਾ ਹੈ।ਉਨ੍ਹਾਂ ਕਿਹਾ ਕਿ ‘ਇਹ ਯਾਦ ਰੱਖਣਾ ਚਾਹੀਦਾ ਹੈ ਕਿ 2022 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਇਕ ਕੁਸ਼ਲ ਸਿਆਸਤਦਾਨ ਵਾਂਗ ਕਿਸਾਨਾਂ ਦੀਆਂ ਭਾਵਨਾਵਾਂ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਕਰਦੇ ਹੋਏ ਐੱਨ.ਡੀ.ਏ. ਸਰਕਾਰ ਵੱਲੋਂ ਐਲਾਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਦੂਜੇ ਪਾਸੇ ਸਾਡੇ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੈ ਜੋ ਕਿਸਾਨਾਂ ਨੂੰ ਹਰ ਤਰ੍ਹਾਂ ਨਾਲ ਜ਼ਲੀਲ ਅਤੇ ਪ੍ਰੇਸ਼ਾਨ ਕਰ ਰਹੀ ਹੈ।
ਭਾਜਪਾ ਨੇ ਅੱਗੇ ਕਿਹਾ ਕਿ ਕਿਸਾਨਾਂ ਦਾ ਅਪਮਾਨ ਕਰਕੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਗੰਭੀਰ ਗਲਤੀ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਵਿੱਚ ‘ਆਪ’ ਦੀ ਮੀਡੀਆ ਮਸ਼ੀਨਰੀ ਅੰਦੋਲਨ ਦਾ ਸਾਰਾ ਦੋਸ਼ ਉਨ੍ਹਾਂ ਮੁੱਦਿਆਂ ‘ਤੇ ਮੜ੍ਹਨ ਲਈ ਸਰਗਰਮ ਹੈ, ਜੋ ਮੁੱਦੇ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਵਿਚਾਰ ਅਧੀਨ ਹਨ।
ਅਸਲੀਅਤ ਇਹ ਹੈ ਕਿ ਸੂਬਾ ਸਰਕਾਰ ਕਿਸਾਨਾਂ ਦੀਆਂ ਆਸਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ, ਜਦੋਂ ਕਿ ਕੇਂਦਰ ਖੇਤੀਬਾੜੀ ਖੇਤਰ ਵਿੱਚ ਸੁਧਾਰ ਲਈ ਹਰ ਸੰਭਵ ਯਤਨ ਕਰਨ ਲਈ ਤਿਆਰ ਹੈ ਕਿਉਂਕਿ ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਖੇਤੀ ਸੈਕਟਰ ਹੀ ਅਗਲੇ ਕੁਝ ਸਾਲਾਂ ਵਿੱਚ ਭਾਰਤ ਦੀ ਪੰਜ ਖਰਬ ਦੀ ਅਰਥਵਿਵਸਥਾ ਬਣਨ ਦੀ ਇੱਛਾ ਨੂੰ ਪੂਰਾ ਕਰੇਗਾ।