253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਨੂੰ 10 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣਾ ਅਤੇ ਲਗਾਤਾਰ ਹੋ ਰਹੇ ਰੋਸ ਪ੍ਰਦਰਸ਼ਨ ‘ਸਿੱਖਿਆ ਕ੍ਰਾਂਤੀ’ ਦੀ ਅਸਲੀ ਤਸਵੀਰ ਦਿਖਾ ਰਹੇ : ਮਲਿਕ
ਭਾਜਪਾ ਦੇ ਸੀਨੀਅਰ ਆਗੂ ਸ਼ਵੇਤ ਮਲਿਕ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਨਾਂ ’ਤੇ ਸਿਰਫ਼ ਰੰਗ-ਰੋਗਨ, ਸਫ਼ੈਦੀ, ਉਦਘਾਟਨ ਸਮਾਰੋਹਾਂ ਅਤੇ ਇਸ਼ਤਿਹਾਰਬਾਜ਼ੀ ਤੱਕ ਹੀ ਸੀਮਤ ਰਹਿ ਗਈ ਹੈ, ਜਦਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੀਆਂ ਅਸਲ ਲੋੜਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।
ਸ਼ਵੇਤ ਮਲਿਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਲਗਭਗ ਤਿੰਨ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ 253 ਮਾਸਟਰ ਕਾਡਰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨਾ ਬੇਹੱਦ ਚਿੰਤਾਜਨਕ ਹੈ। ਦੂਜੇ ਪਾਸੇ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਦੀ ਦੁਰਦਸ਼ਾ — ਜੋ ਲਗਭਗ 10 ਮਹੀਨਿਆਂ ਤੋਂ ਬਿਨਾਂ ਤਨਖਾਹ ਦੇ ਕੰਮ ਕਰ ਰਹੇ ਹਨ। ਅਧਿਆਪਕਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਸਰਕਾਰ ਦੀ ਅਸਫਲਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਫ਼ੈਸਲੇ ਅਧਿਆਪਕ ਵਿਰੋਧੀ ਅਤੇ ਲੋਕ ਵਿਰੋਧੀ ਹਨ।
ਸ਼ਵੇਤ ਮਲਿਕ ਨੇ ਕਿਹਾ, “ਅਧਿਆਪਕ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਪਰ ‘ਆਪ’ ਸਰਕਾਰ ਨੇ ਉਨ੍ਹਾਂ ਵਿੱਚ ਅਨਿਸ਼ਚਿਤਤਾ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਜਿਹੜੇ ਅਧਿਆਪਕ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਹਨ, ਉਹ ਅੱਜ ਆਪਣੀ ਰੋਜ਼ੀ-ਰੋਟੀ ਬਚਾਉਣ ਲਈ ਸੰਘਰਸ਼ ਕਰ ਰਹੇ ਹਨ। ਦੂਜੇ ਪਾਸੇ, ਸਰਕਾਰ ਨੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 599 ਸਰਕਾਰੀ ਸਕੂਲਾਂ ਵਿੱਚ ਗ੍ਰੇਨਾਈਟ ਦੀਆਂ ਤਖ਼ਤੀਆਂ ਲਗਾਉਣ ’ਤੇ ਲਗਭਗ 30 ਲੱਖ ਰੁਪਏ ਖ਼ਰਚ ਕਰਨ ਨੂੰ ਤਰਜੀਹ ਦਿੱਤੀ ਹੈ। ਇਨ੍ਹਾਂ ਤਖ਼ਤੀਆਂ ’ਤੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਥਾਨਕ ਵਿਧਾਇਕਾਂ ਦੇ ਨਾਂ ਦਰਜ ਹਨ।”
ਸ਼ਵੇਤ ਮਲਿਕ ਨੇ ਅੱਗੇ ਕਿਹਾ, “ਆਪ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਸਿਰਫ਼ ਰੰਗ-ਰੋਗਨ, ਸਫ਼ੈਦੀ, ਉਦਘਾਟਨ ਸਮਾਰੋਹਾਂ ਅਤੇ ਇਸ਼ਤਿਹਾਰਬਾਜ਼ੀ ਵਿੱਚ ਲੱਗੀ ਹੋਈ ਹੈ। ਕੀ ਪੰਜਾਬ ਨਾਲ ਵਾਅਦਾ ਕੀਤੀ ਗਈ ਸਿੱਖਿਆ ਕ੍ਰਾਂਤੀ ਇਹੀ ਹੈ? ਸਰਕਾਰ ਅਧਿਆਪਕਾਂ ਦੇ ਪ੍ਰਦਰਸ਼ਨਾਂ, ਤਰੱਕੀਆਂ ਸਬੰਧੀ ਵਿਵਾਦਾਂ ਅਤੇ ਅਧਿਆਪਕਾਂ ਦੀਆਂ ਨੌਕਰੀਆਂ ’ਤੇ ਬਣੀ ਅਨਿਸ਼ਚਿਤਤਾ ਦੇ ਬਾਵਜੂਦ ਟੈਕਸਦਾਤਾਵਾਂ ਦੇ ਪੈਸੇ ਸਿਆਸੀ ਆਗੂਆਂ ਦੇ ਨਾਂ ਵਾਲੀਆਂ ਤਖ਼ਤੀਆਂ ’ਤੇ ਖ਼ਰਚ ਕਰ ਰਹੀ ਹੈ।”
ਮਲਿਕ ਨੇ ਕਿਹਾ, “ਪੰਜਾਬ ਦੇ ਲੋਕਾਂ ਨੂੰ ਪ੍ਰਚਾਰ ਮੁਹਿੰਮਾਂ ਦੀ ਨਹੀਂ, ਸਗੋਂ ਜਵਾਬਾਂ ਦੀ ਲੋੜ ਹੈ। ‘ਆਪ’ ਸਰਕਾਰ ਨੂੰ ਸਿੱਖਿਆ ਨੂੰ ਸਿਆਸੀ ਬ੍ਰਾਂਡਿੰਗ ਦਾ ਸਾਧਨ ਸਮਝਣਾ ਬੰਦ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੀ ਸਭ ਤੋਂ ਵੱਡੀ ਜ਼ਿੰਮੇਵਾਰੀ ਮੰਨਣਾ ਚਾਹੀਦਾ ਹੈ। ਭਾਜਪਾ ਪੰਜਾਬ ਦੇ ਅਧਿਆਪਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਪਾਰਦਰਸ਼ੀ, ਜਵਾਬਦੇਹ ਅਤੇ ਵਿਦਿਆਰਥੀ-ਕੇਂਦਰਿਤ ਸਿੱਖਿਆ ਪ੍ਰਣਾਲੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।”


