ਕਿਹਾ ਕਿ ਨਵੇਂ ਕੇਸ ਵਿਚ ਲਾਏ ਦੋਸ਼ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਪੇਸ਼ ਕੀਤੇ ਗਏ ਸਨ ਜਿਸਦਾ ਸਰਵਉਚ ਅਦਾਲਤ ਨੇ ਨੋਟਿਸ ਨਹੀਂ ਲਿਆ
ਚੰਡੀਗੜ੍ਹ, 26 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਮੁੱਢਲੀ ਜਾਂ ਨਿਯਮਿਤ ਜਾਂਚ ਕਰਵਾਏ ਬਗੈਰ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ ਅਤੇ ਪਾਰਟੀ ਨੇ ਸਰਕਾਰ ’ਤੇ ਆਪਣੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਫੇਲ੍ਹ ਹੋਣ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਸਰਦਾਰ ਮਜੀਠੀਆ ਖਿਲਾਫ ਸਿਆਸੀ ਬਦਲਾਖੋਰੀ ਕਰਨ ਦਾ ਦੋਸ਼ ਵੀ ਲਗਾਇਆ।
ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ’ਤੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਅਤੇ ਸਰਕਾਰ ਮਜੀਠੀਆ ਨੂੰ 540 ਕਰੋੜ ਰੁਪਏ ਦੇ ਨਸ਼ਾ ਤਸਕਰੀ ਕੇਸ ਵਿਚ ਗ੍ਰਿਫਤਾਰ ਕੀਤੇ ਹੋਣ ਦੇ ਬਿਆਨ ਦੇ ਕੇ ਅਦਾਲਤ ਦੀ ਮਾਣਹਾਨੀ ਕਰਨ ਦੇ ਵੀ ਦੋਸ਼ ਲਗਾਏ। ਉਹਨਾਂ ਕਿਹਾ ਕਿ ਇਹ ਨਾ ਸਿਰਫ ਬੇਤੁਕੀ ਬਿਆਨਬਾਜ਼ੀ ਹੈ ਬਲਕਿ ਝੂਠ ਦਾ ਪੁਲੰਦਾ ਹੈ ਜਿਸ ਲਈ ਆਪ ਆਗੂਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰ ਦੱਸੇ ਕਿ ਇਸਨੇ ਐਫ ਆਈ ਆਰ ਵਿਚ ਦੱਸੀ 540 ਕਰੋੜ ਰੁਪਏ ਦੀ ਰਾਸ਼ੀ ਦੇ ਮਾਮਲੇ ਵਿਚ ਇਕ ਵੀ ਸ਼ਿਕਾਇਤ ਕਿਉਂ ਜਾਰੀ ਨਹੀਂ ਕੀਤੀ।
ਉਹਨਾਂ ਕਿਹਾ ਕਿ ਦੂਜੇ ਪਾਸੇ ਸ੍ਰੀ ਅਰਵਿੰਦ ਕੇਜਰੀਵਾਲ ਤੇ ਸ੍ਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ਵਿਚ ਸ਼ਰਾਬ ਠੇਕੇਦਾਰਾਂ ਤੋਂ ਸ਼ਿਕਾਇਤਾਂ ਮਿਲਣ ਮਗਰੋਂ ਹੀ ਗ੍ਰਿਫਤਾਰ ਕੀਤਾ ਗਿਆ ਸੀ ਜਿਹਨਾਂ ਨੇ ਦੱਸਿਆ ਸੀ ਕਿ ਉਹਨਾਂ ਨੇ ਦੋਵਾਂ ਨੂੰ ਰਿਸ਼ਵਤ ਦਿੱਤੀ ਸੀ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਹਾਈ ਕੋਰਟ ਨੇ ਪਿਛਲੀ ਕਾਂਗਰਸ ਸਰਕਾਰ ਵੱਲੋਂ ਦਰਜ ਐਨ ਡੀ ਪੀ ਐਸ ਕੇਸ ਵਿਚ ਸਰਦਾਰ ਮਜੀਠੀਆ ਨੂੰ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਨਾ ਤਾਂ ਨਸ਼ੇ ਦਾ ਪੈਸਾ ਮਿਲਿਆ, ਨਾ ਲੈਣ-ਦੇਣ ਸਾਬਤ ਹੋਇਆ ਤੇ ਨਾ ਹੀ ਪੈਸੇ ਦਾ ਲੈਣ=ਦੇਣ ਹੋਇਆ।
ਸਰਦਾਰ ਗਰੇਵਾਲ ਨੇ ਕਿਹਾ ਕਿ ਅੱਜ ਸਰਕਾਰੀ ਵਕੀਲ ਨੇ ਅੱਜ ਕਿਹਾ ਕਿ ਸਰਦਾਰ ਮਜੀਠੀਆ ਦੇ ਖਿਲਾਫ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮਨਘੜਤ ਮਾਮਲਾ ਹੈ। ਉਹਨਾਂ ਕਿਹਾ ਕਿ ਸ਼ਿਕਾਇਤ ਵਿਚ ਜਿਹੜੀਆਂ ਜਾਇਦਾਦਾਂ ਦਾ ਜ਼ਿਕਰ ਕੀਤਾ ਗਿਆ ਹੈ, ਉਹ ਮਜੀਠੀਆ ਪਰਿਵਾਰ ਕੋਲ ਉਦੋਂ ਤੋਂ ਹਨ ਜਦੋਂ ਸਰਦਾਰ ਬਿਕਰਮ ਮਜੀਠੀਆ ਪੈਦਾ ਵੀ ਨਹੀਂ ਹੋਏ ਸਨ। ਉਹਨਾਂ ਕਿਹਾ ਕਿ ਮਜੀਠੀਆ ਪਰਿਵਾਰ ਪੁਰਾਣਾ ਰੱਜਿਆ ਪੁੱਜਿਆ ਪਰਿਵਾਰ ਹੈ ਤੇ ਸਰਦਾਰ ਬਿਕਰਮ ਮਜੀਠੀਆ ਦੇ ਦਾਦਾ ਜੀ ਕੋਲ ਹਵਾਈ ਜਹਾਜ਼ ਤੇ ਰੋਲਸ ਰਾਈਸ ਵਰਗੀਆਂ ਕਾਰਾਂ ਵੀ ਸਨ।I
ਉਹਨਾਂ ਕਿਹਾ ਕਿ ਇਹ ਵੀ ਗਲਤ ਕਿਹਾ ਜਾ ਰਿਹਾ ਹੈ ਕਿ ਸਰਾਇਆ ਇੰਡਸਟਰੀ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਹੀ ਫੈਸਲੇ ਲੈਂਦੇ ਸਨ ਜਦੋਂ ਕਿ ਉਹਨਾਂ ਨੇ 2007 ਵਿਚ ਕੰਪਨੀ ਦੇ ਡਾਇਰੈਕਟਰ ਵਜੋਂ ਅਸਤੀਫਾ ਦੇ ਦਿੱਤਾ ਸੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਮਜੀਠੀਆ ਖਿਲਾਫ ਦਰਜ ਨਵੇਂ ਕੇਸ ਵਿਚ ਜਿਹੜੇ ਦੋਸ਼ ਲਗਾਏ ਗਏ ਹਨ, ਉਹ ਸਾਰੇ ਸਰਕਾਰ ਨੇ ਐਨ ਡੀ ਪੀ ਐਸ ਕੇਸ ਵਿਚ ਜ਼ਮਾਨਤ ਰੱਦ ਕਰਵਾਉਣ ਲਈ ਪਟੀਸ਼ਨ ਪਾਉਣ ਵੇਲੇ ਸੁਪਰੀਮ ਕੋਰਟ ਵਿਚ ਦੱਸੇ ਸਨ। ਸੁਪਰੀਮ ਕੋਰਟ ਨੇ ਇਹਨਾਂ ਦੋਸ਼ਾਂ ਦਾ ਨੋਟਿਸ ਨਹੀਂ ਲਿਆ ਤੇ ਹੁਣ ਇਹ ਮੁੜ ਤੋਂ ਲਗਾ ਦਿੱਤੇ ਗਏ ਹਨ ਅਤੇ ਨਵੇਂ ਕੇਸ ਵਿਚ ਤਬਦੀਲ ਕਰ ਦਿੱਤੇ ਗਏ ਹਨ।
ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਅੱਜ ਸਰਦਾਰ ਮਜੀਠੀਆ ਨੂੰ ਅਦਾਲਤ ਵਿਚ ਪੇਸ਼ ਕਰਨ ਵੇਲੇ ਕਰਫਿਊ ਵਰਗੇ ਹਾਲਾਤ ਬਣਾ ਦਿੱਤੇ ਸਨ ਤੇ ਆਪਣੇ ਕੇਸਾਂ ਵਾਸਤੇ ਅਦਾਲਤ ਪੁੱਜੇ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ।
ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਬਦਲਾਖੋਰੀ ਦੀ ਕਾਰਵਾਈ ਨੇ ਲੋਕਾਂ ਨੂੰ ਐਮਰਜੰਸੀ ਚੇਤੇ ਕਰਵਾ ਦਿੱਤੀ ਹੈ ਤੇ ਉਹਨਾਂ ਇਸ ਕਾਰਵਾਈ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ। ਉਹਨਾਂ ਕਿਹਾ ਕਿ ਆਪ ਸਰਕਾਰ ਪਿਛਲੇ ਤਿੰਨਸਾਲਾਂ ਤੋਂ ਸਰਦਾਰ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਪੱਬਾਂ ਭਾਰ ਸੀ ਅਤੇ ਉਸਨੇ ਵਾਰ-ਵਾਰ ਐਸ ਆਈ ਟੀ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਤੇ ਅਫਸਰ ਵੀ ਮੁਅੱਤਲ ਕੀਤੇ ਤਾਂ ਜੋ ਉਹਨਾਂ ਨੂੰ ਗੈਰ ਕਾਨੂੰਨੀ ਕਾਰਵਾਈ ਲਈ ਮਜਬੂਰ ਕੀਤਾ ਜਾ ਸਕੇ।
ਉਹਨਾਂ ਨੇ ਸਰਦਾਰ ਮਜੀਠੀਆ ਨਾਲ ਇਕਜੁੱਟਤਾ ਜੁਟਾਉਣ ਅਤੇ ਬਦਲਾਖੋਰੀ ਦੀ ਕਾਰਵਾਈ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਵਿਰੋਧੀ ਧਿਰ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸੀਨੀਅਰ ਆਗੂ ਸਰਦਾਰ ਸਿਕੰਦਰ ਸਿੰਘ ਮਲੂਕਾ ਤੇ ਸਰਦਾਰ ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ।