-ਕੋਈ ਵੀ ਸ਼ਕਤੀ ਜੇਕਰ ਸਿੱਖਾਂ ਦੀ ਵੱਖਰੀ ਪਛਾਣ ਨੂੰ ਜਜ਼ਬ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਸਿੱਖ ਦ੍ਰਿੜ੍ਹਤਾ ਨਾਲ ਲੜਣਗੇ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਕਲਕੱਤਾ/ਸ੍ਰੀ ਅੰਮ੍ਰਿਤਸਰ, 15 ਸਤੰਬਰ-

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਗੁਰੂ ਸਿੰਘ ਸਭਾ ਕਲਕੱਤਾ ਤੇ ਪੱਛਮ ਬੰਗਾਲ ਦੇ ਸਮੂਹ ਗੁਰੂ ਘਰਾਂ ਦੀ ਸਾਂਝੀ ਸ਼ਤਾਬਦੀ ਕਮੇਟੀ ਵੱਲੋਂ ਕਲਕੱਤਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਨੂੰ ਸਮਰਪਿਤ ਸਾਂਝੇ ਰੂਪ ਵਿੱਚ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ ਅਤੇ ਸਿੱਖਾਂ ਨੂੰ ਕੌਮੀ ਭਾਵਨਾ ਅਨੁਸਾਰ ਇਕਜੁੱਟ ਹੋਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਕਲਕੱਤੇ ਤੇ ਪੱਛਮ ਬੰਗਾਲ ਦੀ ਸੰਗਤ ਨੇ ਸਮਾਗਮ ਵਿੱਚ ਭਰਵੀਂ ਸ਼ਮੂਲੀਅਤ ਕੀਤੀ, ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਰਾਗੀ ਜਥੇ, ਕਥਾਵਾਚਕ ਭਾਈ ਬਲਦੇਵ ਸਿੰਘ ਪਾਉਂਟਾ ਸਾਹਿਬ ਵਾਲੇ ਤੇ ਭਾਈ ਜੋਗਾ ਸਿੰਘ ਭਾਗੋਵਾਲੀਆ ਦੇ ਕਵੀਸ਼ਰ ਜਥੇ ਨੇ ਹਾਜ਼ਰ ਸੰਗਤ ਨੂੰ ਗੁਰਬਾਣੀ ਕੀਰਤਨ, ਗੁਰ ਇਤਿਹਾਸ ਤੇ ਕਥਾ ਵਿਚਾਰ ਨਾਲ ਜੋੜਿਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਗਤ ਜੈਦੇਵ ਜੀ ਜਿਨ੍ਹਾਂ ਦੀ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ ਉਹ ਕੇਂਦਰੀ ਨਗਰ (ਪੱਛਮ ਬੰਗਾਲ) ਦੇ ਸਨ ਅਤੇ ਇਸ ਧਰਤੀ ਉੱਤੇ ਆਪਣੀਆਂ ਪ੍ਰਚਾਰ ਫੇਰੀਆਂ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਵੀ ਆਏ ਹਨ। ਉਨ੍ਹਾਂ ਕਿਹਾ ਕਿ ਪੱਛਮ ਬੰਗਾਲ ਤੇ ਖ਼ਾਸਕਰ ਕਲਕੱਤਾ ਨਾਲ ਸਿੱਖਾਂ ਦੀ ਪੁਰਾਣੀ ਸਾਂਝ ਰਹੀ ਹੈ, ਇੱਥੇ ਹੀ ਬਜ ਬਜ ਘਾਟ ਉੱਤੇ ਬਾਬਾ ਗੁਰਦਿੱਤ ਸਿੰਘ ਦੀ ਅਗਵਾਈ ਵਿੱਚ ਕੈਨੇਡਾ ਦੀ ਧਰਤੀ ਤੋਂ ਮੋੜੇ ਗਏ ਗੁਰੂ ਨਾਨਕ ਜਹਾਜ਼ ਵਿੱਚ ਪਰਤੇ ਅਤੇ ਪੰਜਾਬੀਆਂ ਉੱਤੇ ਅੰਗਰੇਜ਼ੀ ਹਕੂਮਤ ਵੱਲੋਂ ਤਸ਼ੱਦਦ ਕੀਤਾ ਗਿਆ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਵੀ ਇਸ ਇਲਾਕੇ ਵਿੱਚ ਚੰਗੇ ਕਾਰਜ ਕੀਤੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਸ਼ਹਾਦਤ ਦਿੱਤੀ। ਉਸ ਸਮੇਂ ਦੇ ਮੁਗ਼ਲ ਹੁਕਮਰਾਨ ਸਮੁੱਚੇ ਦੇਸ਼ ਵਿੱਚ ਆਪਣਾ ਧਰਮ ਜਬਰੀ ਲਾਗੂ ਕਰਨਾ ਚਾਹੁੰਦੇ ਸਨ। ਗੁਰੂ ਸਾਹਿਬ ਜੀ ਨੇ ਉਸ ਸਮੇਂ ਮਜ਼ਲੂਮਾਂ ਤੇ ਤਿਲਕ ਜੰਞੂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੜਚੋਲ ਦੀ ਵੀ ਲੋੜ ਹੈ ਕਿ ਜਿਨ੍ਹਾਂ ਦੇ ਧਰਮ ਦੀ ਅਜ਼ਾਦੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਸ਼ਹਾਦਤ ਦਿੱਤੀ ਜਦੋਂ ਉਨ੍ਹਾਂ ਕੋਲ ਸ਼ਕਤੀ ਆਈ ਤਾਂ ਬਹੁਤ ਦੁੱਖ ਦੀ ਗੱਲ ਹੈ ਕਿ ਅੱਜ ਉਨ੍ਹਾਂ ਦੇ ਸਿੱਖਾਂ ਦੇ ਕਕਾਰ ਕਿਰਪਾਨ ਤੇ ਕੜੇ ਦੇਸ਼ ਦੇ ਵੱਖ-ਵੱਖ ਕੋਨਿਆਂ ਵਿੱਚ ਫਾਸੀਵਾਦੀ ਤਾਕਤਾਂ ਵੱਲੋਂ ਲੁਹਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਰਾਨਾਂ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਦਸਤਾਰਾਂ ਵਾਲੇ ਸਿੱਖ ਦੇਸ਼ ਲਈ ਨਾ ਲੜਦੇ ਤਾਂ ਅੱਜ ਇਸ ਦੇਸ਼ ਦਾ ਨਕਸ਼ਾ ਕੁਝ ਹੋਰ ਹੋਣਾ ਸੀ। ਉਨ੍ਹਾਂ ਕਿਹਾ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਹੈ ਕਿ ਸਿੱਖ ਨਾ ਤਾਂ ਕਿਸੇ ਦਾ ਭੈ ਮੰਨਦੇ ਹਨ ਤੇ ਨਾ ਕਿਸੇ ਨੂੰ ਭੈਭੀਤ ਕਰਦੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਵੀ ਮੁਲਕ ਦੇ ਅੰਦਰ ਸਾਰਿਆਂ ਦੀ ਧਾਰਮਿਕ ਅਜ਼ਾਦੀ ਕਾਇਮ ਰਹਿਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪਛਾਣ ਵੱਖਰੀ ਹੈ, ਸਿੱਖ ਵੱਖਰੀ ਕੌਮ ਹੈ ਅਤੇ ਦੁਨੀਆ ਦੀ ਕੋਈ ਵੀ ਤਾਕਤ ਜੇਕਰ ਸਾਨੂੰ ਜਜ਼ਬ ਕਰਨ ਦੀ ਗੱਲ ਕਰੇ ਤੇ ਸਾਡੀ ਵੱਖਰੀ ਪਛਾਣ ਉੱਤੇ ਸਵਾਲ ਚੁੱਕੇ ਤਾਂ ਉਨ੍ਹਾਂ ਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਸਿੱਖ ਆਪਣੀ ਪਛਾਣ ਲਈ ਦ੍ਰਿੜ੍ਹਤਾ ਨਾਲ ਲੜਣਗੇ ਤੇ ਕਿਸੇ ਵੀ ਹੱਦ ਤੱਕ ਜਾਣਗੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਵਿਸ਼ਵਭਰ ਵਿੱਚ ਵੱਸਦੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਨੁਸਾਰ ਸਮੂਹ ਸਿੱਖ ਖ਼ਾਲਸਾ ਪੰਥ ਦੇ ਪਰਿਵਾਰ ਵਿੱਚ ਇਕਜੁੱਟ ਹੋ ਕੇ ਰਹਿਣ। ਉਨ੍ਹਾਂ ਸਮੂਹ ਸਿੱਖਾਂ ਨੂੰ ਸਰਬਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਰਹਿਣ ਲਈ ਆਖਿਆ। ਉਨ੍ਹਾਂ ਕਿਹਾ ਕਿ ਅੱਜ ਬਹੁਤ ਸ਼ਕਤੀਆਂ ਵੱਲੋਂ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤੋੜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਸਿੱਖਾਂ ਦਾ ਮੂੰਹ ਹਮੇਸ਼ਾ ਗੁਰੂ ਵੱਲ ਹੋਣਾ ਚਾਹੀਦਾ ਹੈ।

ਉਨ੍ਹਾਂ ਕਲਕੱਤੇ ਤੇ ਪੱਛਮ ਬੰਗਾਲ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਖਿਆ ਕਿ ਇਸ ਸ਼ਤਾਬਦੀ ਸਮਾਗਮ ਦੀ ਤਰ੍ਹਾਂ ਹਮੇਸ਼ਾ ਹੀ ਆਪਸ ਵਿੱਚ ਤਾਲਮੇਲ ਤੇ ਇਕਜੁੱਟਤਾ ਨਾਲ ਰਹਿਣ। ਉਨ੍ਹਾਂ ਕਲਕੱਤੇ ਦੇ ਸਮੂਹ ਸਿੱਖਾਂ ਤੇ ਨੌਜਵਾਨਾਂ ਨੂੰ ਸਾਬਤ ਸੂਰਤ ਹੋ ਕੇ ਆਪਣੀ ਸਿੱਖ ਪਛਾਣ ਕਾਇਮ ਰੱਖਣ, ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਆਪਣੇ ਘਰਾਂ ਵਿੱਚ ਗੁਰਬਾਣੀ ਦੇ ਪਹਿਰੇ ਵਧਾਉਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸਮੂਹ ਸਿੱਖ ਪਰਿਵਾਰਾਂ ਨੂੰ ਆਪਣੇ ਬੱਚਿਆਂ ਨੂੰ ਗੁਰਮੁਖੀ ਪੰਜਾਬੀ ਸਿਖਾਉਣ ਤੇ ਆਪਣੇ ਘਰਾਂ ਵਿੱਚ ਪੰਜਾਬੀ ਬੋਲਣ ਤੇ ਪੜ੍ਹਨ ਲਈ ਵੀ ਪ੍ਰੇਰਿਆ।

ਜਥੇਦਾਰ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਦੀ ਸ਼ਲਾਘਾ ਕੀਤੀ।

ਪੱਛਮ ਬੰਗਾਲ ਦੀ ਸੰਗਤ ਵੱਲੋਂ ਕਲਕੱਤਾ ਦੇ ਨੇਤਾ ਜੀ ਇਨਡੋਰ ਸਟੇਡੀਅਮ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਲਈ ਸੂਬਾ ਸਰਕਾਰ, ਸਥਾਨਕ ਪ੍ਰਸ਼ਾਸਨ, ਮੁੱਖ ਮੰਤਰੀ ਮਮਤਾ ਬੈਨਰਜੀ ਤੇ ਸਾਂਸਦ ਸ੍ਰੀ ਅਭਿਸ਼ੇਕ ਬੈਨਰਜੀ ਵੱਲੋਂ ਸਹਿਯੋਗ ਕਰਦਿਆਂ ਸਟੇਡੀਅਮ ਵਿਖੇ ਗੁਰਮਤਿ ਸਮਾਗਮ ਕਰਵਾਉਣ ਲਈ ਸੇਵਾ ਭਾਵਨਾ ਨਾਲ ਥਾਂ ਭੇਟਾ ਰਹਿਤ ਮੁਹੱਈਆ ਕਰਵਾਈ ਗਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਭਾਈ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ, ਬਾਬਾ ਘੋਲਾ ਸਿੰਘ ਜੀ ਕਾਰ ਸੇਵਾ ਸਰਹਾਲੀ ਵਾਲੇ, ਸ. ਗੁਰਬਖ਼ਸ਼ ਸਿੰਘ ਲੋਪੋਂ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ ਕਲਕੱਤਾ, ਸ. ਗੁਰਮੀਤ ਸਿੰਘ ਸੇਖੋਂ ਪ੍ਰਧਾਨ ਗੁਰਦੁਆਰਾ ਬੜਾ ਸਿੱਖ ਸੰਗਤ ਕਲਕੱਤਾ, ਸ. ਰਣਜੀਤ ਸਿੰਘ ਖਮਾਣੋ ਪ੍ਰਧਾਨ ਸ਼ਤਾਬਦੀ ਕਮੇਟੀ, ਸ. ਜਗਮੋਹਨ ਸਿੰਘ ਗਿੱਲ ਇੰਚਾਰਜ ਸਿੱਖ ਮਿਸ਼ਨ ਕਲਕੱਤਾ (ਪੂਰਬੀ ਭਾਰਤ), ਨਿੱਜੀ ਸਹਾਇਕ ਭਾਈ ਬਲਦੇਵ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ, ਪ੍ਰਚਾਰਕ ਭਾਈ ਗੁਰਵਿੰਦਰ ਸਿੰਘ, ਭਾਈ ਦਲਜੀਤ ਸਿੰਘ ਚਾੜ੍ਹਕੇ ਮੁੱਖ ਗ੍ਰੰਥੀ, ਭਾਈ ਜਰਨੈਲ ਸਿੰਘ ਬਸਰਾਵਾਂ ਕਥਾਵਾਚਕ, ਭਾਈ ਗੁਰਪ੍ਰੀਤ ਸਿੰਘ ਚੈਨਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਹਾਜ਼ਰ ਸੀ।
***
ਜਸਕਰਨ ਸਿੰਘ, 9517789930