*— ਗਣਤੰਤਰ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ*

*— ਪੰਜਾਬ ਪੁਲਿਸ ਰਾਜ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ, ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ*

*— ਯੁੱਧ ਨਾਸ਼ੀਆਂ ਵਿਰੁਧ ਦੇ 330ਵੇਂ ਦਿਵਸ ‘ਤੇ 50 ਨਸ਼ਾ ਤਸਕਰ ਗ੍ਰਿਫ਼ਤਾਰ*

ਚੰਡੀਗੜ੍ਹ, 25 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧਾਂ ਵਿਚਕਾਰ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਐਤਵਾਰ ਨੂੰ ਰਾਜ ਭਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਫਲੈਗ ਮਾਰਚ ਕੱਢੇ।

ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਲਿਸ ਕਮਿਸ਼ਨਰਾਂ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓ) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।

ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀ/ਐਸਐਸਪੀ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸੰਵੇਦਨਸ਼ੀਲ ਅਤੇ ਕਮਜ਼ੋਰ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਆਮ ਲੋਕਾਂ ਦਾ ਵਿਸ਼ਵਾਸ ਵਧਾਉਣਾ ਸੀ, ਇਸ ਤੋਂ ਇਲਾਵਾ, ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਕਰਮਚਾਰੀਆਂ ਨੂੰ ਤਿਆਰ ਕਰਨਾ ਸੀ।

ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਅਤੇ ਗਣਤੰਤਰ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੀਪੀ/ਐਸਐਸਪੀ ਨੂੰ ਸੂਬੇ ਭਰ ਦੇ ਸਾਰੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਐਸਪੀ-ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਘੇਰਾਬੰਦੀ ਅਤੇ ਖੋਜ ਮੁਹਿੰਮ (CASO) ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਜਿਸ ਵਿੱਚ ਰੇਲਵੇ ਸਟੇਸ਼ਨ, ਬੱਸ ਸਟੈਂਡ, ਬਾਜ਼ਾਰ, ਸ਼ਾਪਿੰਗ ਮਾਲ, ਜਨਤਕ ਪਾਰਕ ਆਦਿ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ, “ਅਸੀਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਅਤੇ ਉਨ੍ਹਾਂ ਦੀ ਤਲਾਸ਼ੀ ਲਈ ਜਾਵੇ।”

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” 330ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਐਤਵਾਰ ਨੂੰ 50 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 150 ਗ੍ਰਾਮ ਹੈਰੋਇਨ ਅਤੇ 376 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਨਾਲ, ਸਿਰਫ਼ 330 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,443 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

×