— ਡੀਜੀਪੀ ਪੰਜਾਬ ਨੇ ਸ਼ਹੀਦ ਐਸਆਈ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ
ਚੰਡੀਗੜ੍ਹ/ਤਰਨਤਾਰਨ, 12 ਅਪ੍ਰੈਲ:
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਅਫ਼ਸਰ ਨੂੰ ਸ਼ਰਧਾਂਜਲੀ ਭੇਟ ਕੀਤੀ।
ਐਸਆਈ ਚਰਨਜੀਤ ਸਿੰਘ, 57, ਜੋ 1989 ਵਿੱਚ ਕਾਂਸਟੇਬਲ ਵਜੋਂ ਪੁਲਿਸ ਫੋਰਸ ਵਿੱਚ ਭਰਤੀ ਹੋਏ ਸਨ ਅਤੇ ਇਸ ਵੇਲੇ ਪੁਲਿਸ ਸਟੇਸ਼ਨ ਗੋਇੰਦਵਾਲ ਸਾਹਿਬ ਵਿੱਚ ਤਾਇਨਾਤ ਸਨ, ਨੇ 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਤਿਕਾਰ ਵਜੋਂ 2 ਕਰੋੜ ਰੁਪਏ ਦਾ ਐਲਾਨ ਕੀਤਾ ਸੀ। 2 ਕਰੋੜ ਰੁਪਏ ਦੀ ਰਕਮ ਵਿੱਚ ਰਾਜ ਸਰਕਾਰ ਵੱਲੋਂ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਸ਼ਾਮਲ ਹੈ, ਜਦੋਂ ਕਿ, 1 ਕਰੋੜ ਰੁਪਏ ਦੇ ਬੀਮਾ ਕਵਰ ਦੀ ਇੱਕ ਹੋਰ ਅਦਾਇਗੀ ਐਚਡੀਐਫਸੀ ਬੈਂਕ ਵੱਲੋਂ ਕੀਤੀ ਜਾਵੇਗੀ।
ਆਪਣੀ ਦਿਲੀ ਸੰਵੇਦਨਾ ਪ੍ਰਗਟ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਾ ਸਮਰਥਨ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਡੀਜੀਪੀ ਨੇ ਅਧਿਕਾਰੀ ਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕੀਤੀ, ਪਰਿਵਾਰ ਨੂੰ ਭਰੋਸਾ ਦਿੱਤਾ ਕਿ ਉਸਦੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾਵੇਗਾ।
ਇਸ ਦੌਰਾਨ, ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਪੁਲਿਸ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ।
