ਚੰਡੀਗੜ੍ਹ, 14 ਨਵੰਬਰ:ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ਼ ਸਿੱਖਾਂ ਦੇ ਪਹਿਲੇ ਗੁਰੂ ਹੀ ਨਹੀਂ ਹਨ ਸਗੋਂ ਸਮੁੱਚੇ ਸੰਸਾਰ ਦੇ ‘ਗੁਰੂ’ ਵੀ ਹਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਲਪਨਾ ਕੀਤੀ ਅਤੇ ਸਾਰੀਆਂ ਜਾਤਾਂ ਨੂੰ ਬਰਾਬਰ ਸਮਝਿਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੇ ਸਨਮਾਨ ‘ਤੇ ਵੀ ਜ਼ੋਰ ਦਿੱਤਾ।

ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਵਿੱਚ ਇੱਕ ਪ੍ਰਮਾਤਮਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਸਾਰੇ ਮਨੁੱਖ ਰੀਤੀ-ਰਿਵਾਜਾਂ ਜਾਂ ਪੁਜਾਰੀਆਂ ਦੀ ਲੋੜ ਤੋਂ ਬਿਨਾਂ ਸਿੱਧਾ ਪ੍ਰਮਾਤਮਾ ਨਾਲ ਜੁੜ ਸਕਦੇ ਹਨ। ਉਨ੍ਹਾਂ ਦੀਆਂ ਸਮਾਜਿਕ ਸਿੱਖਿਆਵਾਂ ਨੇ ਜਾਤੀ ਪ੍ਰਥਾ ਦੀ ਕੜੀ ਨਿੰਦਾ ਕੀਤੀ ਅਤੇ ਜਾਤ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਸਾਰਿਆਂ ਨੂੰ ਇੱਕੋ ਦਰਜਾ ਦੇਣ ਦੀ ਸਿੱਖਿਆ ਦਿੱਤੀ। ਸਰਬੱਤ ਦਾ ਭਲਾ (ਸਭ ਦੀ ਭਲਾਈ) ਮੰਗਣ ਸਬੰਧੀ ਉਨ੍ਹਾਂ ਦਾ ਫਲਸਫਾ ਸਾਰੀਆਂ ਹੱਦਾਂ ਤੋਂ ਉੱਪਰ ਉੱਠ ਕੇ ਸਮੁੱਚੇ ਸੰਸਾਰ ਨੂੰ ਪ੍ਰੇਰਿਤ ਕਰਦਾ ਹੈ।

ਅੱਜ ਜਦੋਂ ਅਸੀਂ ਕੁਦਰਤੀ ਸ੍ਰੋਤਾਂ ਨੂੰ ਨਸ਼ਟ ਕਰਨ, ਵਾਤਾਵਰਨ ਦੇ ਦੂਸ਼ਿਤ ਹੋਣ ਅਤੇ ਪ੍ਰਦੂਸ਼ਣ ਦੀ ਗੱਲ ਕਰਦੇ ਹਾਂ ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ “ਪਵਣ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ”- ਸਾਡਾ ਮਾਰਗਦਰਸ਼ਨ ਕਰਦਾ ਹੈ। ਉਨ੍ਹਾਂ ਨੇ ਆਪਣੇ ਇਸ ਸੰਦੇਸ਼ ਵਿੱਚ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ। ਇਨ੍ਹਾਂ ਤਿੰਨਾਂ ਤੱਤਾਂ ਰਾਹੀਂ ਜੀਵਨ ਦਾ ਪਾਲਣ ਪੋਸ਼ਣ ਹੁੰਦਾ ਹੈ। ਸਾਨੂੰ ਕੁਦਰਤ ਦੇ ਇਨ੍ਹਾਂ ਮਹੱਤਵਪੂਰਨ ਤੱਤਾਂ ਪ੍ਰਤੀ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

ਰਾਜਪਾਲ ਨੇ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਮਾਨਵਤਾ ਦੀ ਸੇਵਾ ਲਈ ਅਧਿਆਤਮਕਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ।