‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਇਸ਼ਤਿਹਾਰਾਂ ਤੱਕ ਸੀਮਤ: ਢਿੱਲੋਂ*

ਬਠਿੰਡਾ ਦੇ ਪਿੰਡ ਡੂੰਮਵਾਲੀ ਦੀਆਂ ਕੰਧਾਂ ਨੇ ਬਿਆਨ ਕੀਤੀ ਨਸ਼ਿਆਂ ਦੀ ਹਕੀਕਤ: ਸੂਬਾ ਪ੍ਰਧਾਨ ਭਾਜਪਾ

ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ ਅਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ਵਿਖੇ ਕੰਧਾਂ ਉਪਰ “ਚਿੱਟਾ ਹੀ ਚਿੱਟਾ” ਲਿਖਣ ਦੀ ਘਟਨਾ ‘ਆਪ’ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀਆਂ ਹਨ। ਇਹ ਗੱਲ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਹੀ।

ਉਨ੍ਹਾਂ ਕਿਹਾ ਕਿ ਪਿੰਡ ਡੂੰਮਵਾਲੀ ਵਿੱਚ ਚਿੱਟੇ ਦੀ ਸ਼ਰੇਆਮ ਵਿਕਰੀ ਹੋਣ ਦੇ ਦੋਸ਼ਾਂ ਦਰਮਿਆਨ ਲੋਕਾਂ ਵੱਲੋਂ ਆਪਣੇ ਘਰ ਦੀਆਂ ਕੰਧਾਂ ’ਤੇ ‘ਚਿੱਟਾ ਹੀ ਚਿੱਟਾ’ ਲਿਖ ਕੇ ਨਸ਼ਿਆਂ ਦੀ ਸਮੱਸਿਆ ਨੂੰ ਉਜਾਗਰ ਕਰਨਾ ਬੇਹੱਦ ਚਿੰਤਾਜਨਕ ਹੈ। ਇਹ ਹਾਲਾਤ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹਨ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਆਪਣੇ ਜਵਾਨ ਪੁੱਤਾਂ ਨੂੰ ਨਸ਼ਿਆਂ ਦੀ ਲਪੇਟ ਵਿੱਚ ਆਉਂਦੇ ਦੇਖ ਰਹੀਆਂ ਮਾਵਾਂ ਦਾ ਦਰਦ ਪੰਜਾਬ ਦੇ ਮੌਜੂਦਾ ਹਾਲਾਤ ਦੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਇਨਸਾਫ਼ ਹਾਲੇ ਅਧੂਰਾ ਹੈ ਅਤੇ ਇਸ ਦਰਮਿਆਨ ਬਠਿੰਡਾ ਜ਼ਿਲ੍ਹੇ ਵਿੱਚ ਨਸ਼ੇ ਦੀ ਵਿਕਰੀ ਕੰਧਾਂ ਉਪਰ ਲਿਖ ਕੇ ਸਾਹਮਣੇ ਆਉਣੀ, ‘ਆਪ’ ਸਰਕਾਰ ਦੀ ਨਾਕਾਮੀ ਤੇ ਗੰਭੀਰਤਾ ਨੂੰ ਪੇਸ਼ ਕਰਦੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੀ ਗਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਨਸ਼ਿਆਂ ਦੀ ਸਮੱਸਿਆ ਦਾ ਖ਼ਾਤਮਾ ਨਹੀਂ ਹੋ ਸਕਿਆ। ਸਰਕਾਰ ਦੀ ਕਾਰਗੁਜ਼ਾਰੀ ਅਤੇ ਜ਼ਮੀਨੀ ਹਕੀਕਤ ਵਿੱਚ ਵੱਡਾ ਫ਼ਰਕ ਨਜ਼ਰ ਆ ਰਿਹਾ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਮੁਹਿੰਮਾਂ ਦੇ ਨਾਮ ਰੱਖਣ ਅਤੇ ਇਸ਼ਤਿਹਾਰਾਂ ਰਾਹੀਂ ਦਾਅਵੇ ਕਰਨ ਨਾਲ ਪੰਜਾਬ ਨਸ਼ਾ ਮੁਕਤ ਨਹੀਂ ਹੋ ਸਕਦਾ। ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵਿਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਜਵਾਬਦੇਹੀ ਅਤੇ ਠੋਸ ਕਾਰਵਾਈ ਦੀ ਮੰਗ ਕਰ ਰਹੇ ਹਨ।