ਚੰਡੀਗੜ੍ਹ, 13 ਮਾਰਚ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਭੱਤਾ ਦੇਣ ਦਾ ਆਪਣਾ ਬਹੁਚਰਚਿਤ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਜ਼ੋਰਦਾਰ ਮੰਗ ਕੀਤੀ ਕਿ ਸਰਕਾਰ ਔਰਤਾਂ ਨੂੰ ਤਿੰਨ ਸਾਲ ਦਾ ਬਕਾਇਆ ਵੀ ਦੇਵੇ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਹੁਣ ਦੇਰੀ ਨਾਲ ਕੋਸ਼ਿਸ਼ਾਂ ਕਰ ਰਹੀ ਹੈ ਪਰ ਅਸਲ ਵਾਅਦਾ 2022 ‘ਚ ਸਰਕਾਰ ਬਣਨ ਤੋਂ ਤੁਰੰਤ ਬਾਅਦ ਇਸ ਯੋਜਨਾ ਨੂੰ ਲਾਗੂ ਕਰਨ ਦਾ ਸੀ। ਬਾਜਵਾ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਨੂੰ ਸੱਤਾ ‘ਚ ਆਏ ਤਿੰਨ ਸਾਲ ਹੋ ਗਏ ਹਨ ਅਤੇ ਪੰਜਾਬ ਦੀਆਂ ਔਰਤਾਂ ਬਕਾਏ ਸਮੇਤ ਆਪਣੇ ਮਹੀਨਾਵਾਰ ਭੱਤੇ ਦਾ ਬੇਸਬਰੀ ਨਾਲ ਉਡੀਕ ਕਰ ਰਹੀਆਂ ਹਨ, ਜੋ ਹੁਣ ਤੱਕ 36,000 ਕਰੋੜ ਰੁਪਏ ਬਣਦਾ ਹੈ।
ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਦੱਸਣ ਕਿ ਕੀ ਉਨ੍ਹਾਂ ਦੀ ਸਰਕਾਰ 1000 ਰੁਪਏ ਦੇਵੇਗੀ ਕਿਉਂਕਿ ਉਨ੍ਹਾਂ ਨੇ ਹੀ ਮਹੀਨਾਵਾਰ ਭੱਤਾ ਵਧਾ ਕੇ 1100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਕੀ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਪੰਜਾਬੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਜਾਵੇਗਾ ਕਿਉਂਕਿ ਕੁਝ ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਇਹ ਸਕੀਮ ਸਿਰਫ਼ ਗੈਰ-ਆਮਦਨ ਟੈਕਸ ਅਦਾ ਕਰਨ ਵਾਲੀਆਂ ਔਰਤਾਂ ਲਈ ਲਾਗੂ ਕੀਤੀ ਜਾਵੇਗੀ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪੂਰੀ ਤਰ੍ਹਾਂ ਕੁਪ੍ਰਬੰਧਨ ਅਤੇ ਅਣਗਹਿਲੀ ਕਾਰਨ ਸੂਬੇ ਦੀ ਵਿੱਤੀ ਹਾਲਤ ਬੁਰੀ ਤਰ੍ਹਾਂ ਨਾਲ ਖ਼ਰਾਬ ਹੋ ਗਈ ਹੈ। ਸਰਕਾਰ ਉਧਾਰ ਲਏ ਫ਼ੰਡਾਂ ਨਾਲ ਆਪਣੇ ਰੁਟੀਨ ਕੰਮਾਂ ਨੂੰ ਅੰਜਾਮ ਦੇ ਰਹੀ ਹੈ। ਅਜਿਹੇ ਹਾਲਾਤ ‘ਚ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ ਦੱਸ ਸਕਦੇ ਹਨ ਕਿ ਜੇਕਰ ਇਸ ਯੋਜਨਾ ਨੂੰ ਲਾਗੂ ਕੀਤਾ ਜਾਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਫ਼ੰਡ ਦੇਣ ਲਈ ਪੈਸਾ ਕਿੱਥੋਂ ਲਿਆਏਗੀ?