ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by | Aug 11, 2026 | breaking news, daily, politics | 0 comments

19,316 ਖਾਲ ਬਹਾਲ ਕੀਤੇ; 1,687 ਥਾਵਾਂ ‘ਤੇ ਪਹਿਲੀ ਵਾਰ ਪਹੁੰਚਿਆ ਨਹਿਰੀ ਪਾਣੀ

ਨਹਿਰੀ ਸਿੰਚਾਈ ਦੇ ਵਿਸਥਾਰ ਸਦਕਾ 48 ਫ਼ੀਸਦੀ ਬਲਾਕਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਹੋਇਆ ਸੁਧਾਰ

ਪੰਜਾਬ ਵਿਧਾਨ ਸਭਾ ਵੱਲੋਂ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਲਈ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਲਈ ਮਤਾ ਸਰਬਸੰਮਤੀ ਨਾਲ ਪਾਸ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰਾਂ ਅਤੇ ਖਾਲਾਂ ਨੂੰ ਬਹਾਲ ਕਰਕੇ ਅਤੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਸੂਬੇ ਦੀ ਸਿੰਚਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ।

ਵਿਧਾਇਕ ਸ. ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਨਹਿਰਾਂ ਅਤੇ ਖਾਲਾਂ ਦੀ ਬਹਾਲੀ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਨ ਹਿੱਤ ਪੇਸ਼ ਕੀਤੇ ਗਏ ਮਤੇ ‘ਤੇ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਜਲ ਸਰੋਤ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਇਹ ਕਦਮ ਪੰਜਾਬ ਦੇ ਧਰਤੀ ਹੇਠਲੇ ਕੀਮਤੀ ਪਾਣੀ ਦੀ ਸੰਭਾਲ ਅਤੇ ਸੂਬੇ ਵਿੱਚ ਖੇਤੀਬਾੜੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦੇ ਉਦੇਸ਼ ਨਾਲ ਚੁੱਕੇ ਗਏ ਹਨ। ਇਹ ਮਤਾ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਮਤੇ ‘ਤੇ ਬੋਲਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੇ ਖੇਤੀਬਾੜੀ ਲਈ ਆਪਣੇ ਸਰੋਤਾਂ ਦੀ ਵੱਡੇ ਪੱਧਰ ‘ਤੇ ਵਰਤੋਂ ਰਾਹੀਂ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ। ਹਾਲਾਂਕਿ, ਧਰਤੀ ਹੇਠਲੇ ਪਾਣੀ ‘ਤੇ ਲੰਬੇ ਸਮੇਂ ਤੋਂ ਨਿਰਭਰਤਾ ਨਾਲ ਸੂਬੇ ਦੇ ਜਲ ਸਰੋਤ ਕਾਫੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਥਿਤੀ ਦੀ ਗੰਭੀਰਤਾ ਨੂੰ ਪਛਾਣਿਆ ਅਤੇ ਪੰਜਾਬ ਭਰ ਦੇ ਖੇਤਾਂ ਤੱਕ ਨਹਿਰੀ ਪਾਣੀ ਨੂੰ ਪਹੁੰਚਾ ਕੇ ਨਹਿਰੀ ਸਿੰਚਾਈ ‘ਤੇ ਨਿਰਭਰਤਾ ਵਧਾਉਣ ਲਈ ਇੱਕ ਸਪੱਸ਼ਟ ਰਣਨੀਤੀ ਅਪਣਾਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਸਿੰਚਾਈ ਦੇ ਭਰੋਸੇਯੋਗ ਸਾਧਨ ਯਕੀਨੀ ਬਣਾਉਣ ਲਈ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨਾ ਅਤੇ ਖਾਲਿਆਂ ਨੂੰ ਬਹਾਲ ਕਰਨਾ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪੁਰਾਣੀ ਪ੍ਰਣਾਲੀ ਵਿੱਚ ਇੱਕ ਵੱਡੀ ਕਮੀ ਸੀ। ਪੁਰਾਣੀ ਪ੍ਰਣਾਲੀ ਤਹਿਤ ਕਿਸਾਨਾਂ ਨੂੰ ਖਾਲਾਂ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਦੀ ਲਾਗਤ ਦਾ 10 ਫ਼ੀਸਦੀ ਦੇਣਾ ਪੈਂਦਾ ਸੀ ਜਦੋਂ ਕਿ 90 ਫ਼ੀਸਦੀ ਖਰਚਾ ਸਰਕਾਰ ਵੱਲੋਂ ਸਹਿਣ ਕੀਤਾ ਜਾਂਦਾ ਸੀ। ਬਹੁਤ ਸਾਰੇ ਕਿਸਾਨ ਆਪਣਾ ਹਿੱਸਾ ਪਾਉਣ ਵਿੱਚ ਅਸਮਰੱਥ ਸਨ, ਇਸ ਲਈ ਕਈ ਪ੍ਰਾਜੈਕਟ ਰੁਕ ਜਾਂਦੇ ਸਨ।

ਸ੍ਰੀ ਗੋਇਲ ਨੇ ਕਿਹਾ ਕਿ ਸਾਲ 2023 ਦੌਰਾਨ ਮਾਨ ਸਰਕਾਰ ਨੇ ਕਿਸਾਨਾਂ ਵੱਲੋਂ ਪਾਏ ਜਾਂਦੇ 10 ਫ਼ੀਸਦੀ ਯੋਗਦਾਨ ਨੂੰ ਮੁਆਫ ਕਰਕੇ ਅਤੇ ਅਜਿਹੇ ਕੰਮਾਂ ਦੀ ਪੂਰੀ ਲਾਗਤ ਨੂੰ ਸਹਿਣ ਕਰਨ ਦਾ ਵਾਅਦਾ ਕਰਕੇ ਇੱਕ ਫੈਸਲਾਕੁੰਨ ਕਦਮ ਚੁੱਕਿਆ। ਇਸ ਫੈਸਲੇ ਨੇ ਵੱਡੀ ਵਿੱਤੀ ਰੁਕਾਵਟ ਨੂੰ ਦੂਰ ਕੀਤਾ ਅਤੇ ਸੂਬੇ ਭਰ ਵਿੱਚ ਖਾਲਿਆਂ ਦੀ ਬਹਾਲੀ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ।

ਜਲ ਸਰੋਤ ਮੰਤਰੀ ਨੇ ਕਿਹਾ ਕਿ ਇਸ ਵੱਕਾਰੀ ਮੁਹਿੰਮ ਤਹਿਤ ਪੰਜਾਬ ਭਰ ਵਿੱਚ ਲਗਭਗ 19,316 ਖਾਲਿਆਂ ਨੂੰ ਬਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਖਾਲੇ ਸਰਕਾਰੀ ਰਿਕਾਰਡਾਂ ‘ਤੇ ਤਾਂ ਮੌਜੂਦ ਸਨ ਪਰ ਧਰਾਤਲ’ ਤੇ ਲਗਭਗ ਅਲੋਪ ਹੋ ਗਏ ਸਨ। ਸਰਕਾਰ ਨੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਇਨ੍ਹਾਂ ਖਾਲਿਆਂ ਨੂੰ ਬਹਾਲ ਕੀਤਾ ਅਤੇ ਉਨ੍ਹਾਂ ਖੇਤਰਾਂ ਵਿੱਚ ਨਹਿਰੀ ਸਿੰਚਾਈ ਨੈੱਟਵਰਕ ਨੂੰ ਕਾਰਜਸ਼ੀਲ ਬਣਾਇਆ, ਜੋ ਸਾਲਾਂ ਤੋਂ ਨਹਿਰੀ ਪਾਣੀ ਤੋਂ ਵਾਂਝੇ ਸਨ।

ਸਰਹਾਲੀ ਡਿਸਟ੍ਰੀਬਿਊਟਰੀ ਦੀ ਉਦਾਹਰਣ ਦਿੰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਭਾਗ ਵੱਲੋਂ ਲਗਭਗ ਛੇ ਕਿਲੋਮੀਟਰ ਲੰਬੀ ਮਾਈਨਰ ਨੂੰ ਬਹਾਲ ਕੀਤਾ ਗਿਆ, ਜੋ ਜ਼ਮੀਨ ਹੇਠ ਦੱਬ ਗਈ ਸੀ ਅਤੇ ਲਗਭਗ ਅਲੋਪ ਹੋ ਗਈ ਸੀ। ਉਨ੍ਹਾਂ ਕਿਹਾ ਕਿ ਬਹਾਲ ਕੀਤੀ ਗਈ ਮਾਈਨਰ ਹੁਣ ਨੌਰੰਗਾਬਾਦ, ਕੈਰੋਂ, ਬਨੀਵਾਲਾ, ਜਮਾਲਪੁਰ, ਮੀਆਂਵਿੰਡ, ਆਸਲ ਉਤਾੜ, ਭੋਰੇ ਕੋਨਾ, ਸਰਹਾਲੀ ਅਤੇ ਨੌਸ਼ਹਿਰਾ ਪੰਨੂਆਂ ਸਮੇਤ ਪਿੰਡਾਂ ਨੂੰ ਪਾਣੀ ਸਪਲਾਈ ਕਰ ਰਹੀ ਹੈ ਅਤੇ ਲਗਭਗ 4,737 ਏਕੜ ਰਕਬੇ ਨੂੰ ਸਿੰਚਾਈ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

ਸ੍ਰੀ ਗੋਇਲ ਨੇ ਕਿਹਾ ਕਿ ਸਰਕਾਰ ਨੇ ਸਰਹਿੰਦ ਫੀਡਰ ਅਤੇ ਫਿਰੋਜ਼ਪੁਰ ਫੀਡਰ ਸਮੇਤ ਮੌਜੂਦਾ ਨਹਿਰਾਂ ਦੀ ਸਮਰੱਥਾ ਵਿੱਚ ਵੀ ਕਾਫ਼ੀ ਵਾਧਾ ਕੀਤਾ ਹੈ। ਸਿਰਫ਼ ਨਵੀਆਂ ਨਹਿਰਾਂ ਦੇ ਨਿਰਮਾਣ ‘ਤੇ ਨਿਰਭਰ ਹੋਣ ਦੀ ਬਜਾਏ ਵਿਭਾਗ ਨੇ ਨਹਿਰਾਂ ਨੂੰ ਚੌੜਾ ਅਤੇ ਡੂੰਘਾ ਕਰਕੇ ਮੌਜੂਦਾ ਨੈੱਟਵਰਕ ਦੀ ਸਮਰੱਥਾ ਵਿੱਚ ਵਾਧਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੀ ਨਹਿਰੀ ਪ੍ਰਣਾਲੀ ਦੀ ਸਮਰੱਥਾ ਹੁਣ ਲਗਭਗ 36,000 ਕਿਊਸਿਕ ਹੋ ਗਈ ਹੈ ਅਤੇ ਪਾਣੀ ਦਾ ਪ੍ਰਵਾਹ ਲਗਭਗ 39,000 ਕਿਊਸਿਕ ਨੂੰ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਨੈੱਟਵਰਕ ਹੁਣ ਕਈ ਹਿੱਸਿਆਂ ਵਿੱਚ ਆਪਣੀ ਸਪਲਾਈ ਸਮਰੱਥਾ ਦੇ ਕਰੀਬ ਪਾਣੀ ਲੈ ਜਾ ਰਿਹਾ ਹੈ ਜਿਸ ਨਾਲ ਸਿੰਚਾਈ ਵਾਲੇ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਭਰ ਵਿੱਚ 1,687 ਥਾਵਾਂ ‘ਤੇ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲਗਭਗ 45 ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਹੈ, ਜਿੱਥੇ ਨਹਿਰੀ ਪਾਣੀ ਉਨ੍ਹਾਂ ਖੇਤਰਾਂ ਤੱਕ ਪਹੁੰਚਿਆ ਗਿਆ ਹੈ, ਜੋ ਪਹਿਲਾਂ ਇਸ ਸਹੂਲਤ ਤੋਂ ਵਾਂਝੇ ਰਹੇ ਸਨ।

ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਨਾਲ ਕਿਸਾਨਾਂ ਅਤੇ ਪਿੰਡ ਵਾਸੀਆਂ ਨੂੰ ਬੇਹੱਦ ਰਾਹਤ ਅਤੇ ਖੁਸ਼ੀ ਮਿਲੀ ਹੈ। ਕਈ ਇਲਾਕਿਆਂ ਵਿੱਚ ਲੋਕਾਂ ਨੇ ਢੋਲ ਵਜਾ ਕੇ ਅਤੇ ਭੰਗੜਾ ਪਾ ਕੇ ਜਸ਼ਨ ਮਨਾਇਆ।

ਸ੍ਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਉੱਚੇ ਇਲਾਕੇ ਸਿੰਚਾਈ ਨੈੱਟਵਰਕ ਤੋਂ ਬਾਹਰ ਨਾ ਰਹਿਣ। ਕਾਠਗੜ੍ਹ ਵਿੱਚ ਲਿਫਟ ਸਿੰਚਾਈ ਯੋਜਨਾ ਰਾਹੀਂ 135 ਕਰੋੜ ਰੁਪਏ ਦੀ ਲਾਗਤ ਵਾਲਾ ਇੱਕ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਜਿਸ ਤਹਿਤ ਲਗਭਗ 70 ਫੁੱਟ ਉੱਪਰ ਸਥਿਤ ਖੇਤਰਾਂ ਵਿੱਚ ਪਾਣੀ ਪਹੁੰਚਾਇਆ ਗਿਆ ਅਤੇ ਲਗਭਗ 11,737 ਏਕੜ ਨੂੰ ਸਿੰਚਾਈ ਸਹੂਲਤ ਪ੍ਰਦਾਨ ਕੀਤੀ ਗਈ।

ਕਾਦੀਆਂ ਖੇਤਰ ਵਿੱਚ ਕੀਤੇ ਗਏ ਕੰਮਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਰਿਆੜਕੀ ਡਿਸਟ੍ਰੀਬਿਊਟਰੀ ਨੂੰ 30.50 ਕਰੋੜ ਰੁਪਏ ਦੀ ਲਾਗਤ ਨਾਲ ਮਜ਼ਬੂਤ ਕੀਤਾ ਗਿਆ। ਇਸ ਦੀ ਸਮਰੱਥਾ 216 ਕਿਊਸਿਕ ਤੋਂ ਵਧਾ ਕੇ 385 ਕਿਊਸਿਕ ਕੀਤੀ ਗਈ ਅਤੇ ਲਗਭਗ 5.5 ਕਿਲੋਮੀਟਰ ਕੰਕਰੀਟ ਲਾਈਨਿੰਗ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਲਗਭਗ 43,000 ਏਕੜ ਤੱਕ ਸਿੰਚਾਈ ਲਈ ਪਾਣੀ ਪਹੁੰਚਿਆ। ਲਗਭਗ 30 ਪਿੰਡਾਂ ਦੇ ਲੋਕਾਂ ਨੇ ਪਹਿਲੀ ਵਾਰ ਨਹਿਰੀ ਪਾਣੀ ਆਪਣੇ ਖੇਤਾਂ ਤੱਕ ਪਹੁੰਚਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸ੍ਰੀ ਗੋਇਲ ਨੇ ਕਿਹਾ ਕਿ ਨਹਿਰੀ ਢਾਂਚੇ ਦੀ ਬਹਾਲੀ ਸਦਕਾ ਧਰਤੀ ਹੇਠਲੇ ਪਾਣੀ ਦੀ ਸੰਭਾਲ ਦੇ ਮਾਮਲੇ ਵਿੱਚ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਸੈਂਟਰਲ ਗਰਾਊਂਡ ਵਾਟਰ ਬੋਰਡ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ ਮੁਲਾਂਕਣ ਕਰਨ ਉਪਰੰਤ 153 ਬਲਾਕਾਂ ਵਿੱਚੋਂ 74 ਬਲਾਕਾਂ, ਜੋ ਲਗਭਗ 48 ਫ਼ੀਸਦੀ ਬਣਦੇ ਹਨ, ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਸੁਧਾਰ ਦੇਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜ ਬਲਾਕ ਪਾਣੀ ਦੇ ਗੰਭੀਰ ਸੰਕਟ ਵਾਲੀਆਂ ਸ਼੍ਰੇਣੀਆਂ ਦੇ ਮੁਕਾਬਲਤਨ ਬਿਹਤਰ ਸ਼੍ਰੇਣੀਆਂ ਵਿੱਚ ਸ਼ਾਮਲ ਹੋਏ ਹਨ। ਇਹ ਨਤੀਜੇ ਦਰਸਾਉਂਦੇ ਹਨ ਕਿ ਨਹਿਰੀ ਸਿੰਚਾਈ ਦੇ ਵਿਸਥਾਰ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਵਿੱਚ ਸੁਧਾਰ ਕਰਨ ‘ਚ ਮਦਦ ਮਿਲੀ ਹੈ।

ਪਾਣੀ ਦੀ ਵੰਡ ਦੇ ਮੁੱਦੇ ‘ਤੇ ਜਵਾਬ ਦਿੰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਵੱਡਮੁੱਲਾ ਯੋਗਦਾਨ ਪਾਇਆ ਹੈ ਅਤੇ ਆਪਣੇ ਪਾਣੀ ਦੇ ਸਰੋਤਾਂ ਦੀ ਰਾਖੀ ਕਰਨਾ ਇਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਜਾਇਜ਼ ਹੱਕ ਤੋਂ ਵੱਧ ਆਪਣੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਇੱਕ ਐਮਰਜੈਂਸੀ ਸਥਿਤੀ ਦੌਰਾਨ ਹਰਿਆਣਾ ਦੀ ਪਾਣੀ ਦੀ ਮੰਗ ਦਾ ਹੁੰਗਾਰਾ ਭਰਦਿਆਂ ਆਪਣੀ ਮਾਨਵਤਾਵਾਦੀ ਭਾਵਨਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੱਸਿਆ ਕਿ ਹਰਿਆਣਾ ਨੇ ਪੀਣ ਵਾਲੇ ਪਾਣੀ, ਪਸ਼ੂਧਨ ਅਤੇ ਥਰਮਲ ਪਾਵਰ ਪਲਾਂਟਾਂ ਦੀਆਂ ਲੋੜਾਂ ਦਾ ਹਵਾਲਾ ਦਿੰਦਿਆਂ 4,000 ਕਿਊਸਿਕ ਪਾਣੀ ਦੀ ਮੰਗ ਕੀਤੀ ਸੀ ਅਤੇ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਇਹ ਪਾਣੀ ਮੁਹੱਈਆ ਕਰਵਾਇਆ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਰਫ਼ ਪਾਣੀ ਦੀ ਸੰਭਾਲ ਦੀ ਗੱਲ ਹੀ ਨਹੀਂ ਕੀਤੀ, ਸਗੋਂ ਕਿਸਾਨਾਂ ਤੱਕ ਨਹਿਰੀ ਸਿੰਚਾਈ ਦੀ ਪਹੁੰਚ ਯਕੀਨੀ ਬਣਾਉਣ ਲਈ ਲੋੜੀਂਦਾ ਢਾਂਚਾ ਵੀ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਦੇ ਨਾਲ-ਨਾਲ ਭੂਮੀਗਤ ਪਾਈਪਲਾਈਨਾਂ ਅਤੇ ਕੰਕਰੀਟ ਲਾਈਨਿੰਗ ਨੇ ਸੂਬੇ ਭਰ ਵਿੱਚ ਸਿੰਚਾਈ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਕੀਤਾ ਹੈ।

ਸ੍ਰੀ ਗੋਇਲ ਨੇ ਪੰਜਾਬ ਦੇ ਲੋਕਾਂ ਨੂੰ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਇਸ ਦੀ ਫਜ਼ੂਲ ਵਰਤੋਂ ਰੋਕਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪਾਣੀ ਦਾ ਇੱਕ ਗਲਾਸ ਬਚਾਉਣਾ ਵੀ ਭਵਿੱਖੀ ਪੀੜ੍ਹੀਆਂ ਲਈ ਪਾਣੀ ਸੁਰੱਖਿਅਤ ਕਰਨ ਵਿੱਚ ਅਹਿਮ ਯੋਗਦਾਨ ਪਾਵੇਗਾ।

ਉਨ੍ਹਾਂ ਨਹਿਰੀ ਸਿੰਚਾਈ ਦੀ ਬਹਾਲੀ ਅਤੇ ਸੂਬੇ ਭਰ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਵਰਗੇ ਚੁਣੌਤੀਪੂਰਨ ਕਾਰਜ ਨੇਪੜੇ ਚਾੜ੍ਹਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ, ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸੂਬੇ ਦੇ ਖੇਤੀਬਾੜੀ ਭਵਿੱਖ ਦੀ ਰਾਖੀ ਵੱਲ ਇੱਕ ਅਹਿਮ ਕਦਮ ਹੈ।

ਇਸ ਮਤੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕ ਲਖਬੀਰ ਸਿੰਘ ਰਾਏ, ਜਗਦੀਪ ਸਿੰਘ ਕਾਕਾ ਬਰਾੜ, ਨਰਿੰਦਰਪਾਲ ਸਿੰਘ ਸਵਨਾ, ਮਨਜਿੰਦਰ ਸਿੰਘ ਲਾਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ ਅਤੇ ਨਰੇਸ਼ ਕਟਾਰੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...