ਪੰਜਾਬ ਵਿੱਚ ਝੋਨੇ ਦੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਮੀਂਹ ਤੋਂ ਬਾਅਦ ਮੰਡੀਆਂ ਵਿੱਚ ਸਾਹਮਣੇ ਆ ਰਹੇ ਹਾਲਾਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਰੀਦ ਅਤੇ ਫ਼ਸਲ ਦੀ ਸੰਭਾਲ ਦੇ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਖ਼ਾਸ ਕਰਕੇ ਫਾਜ਼ਿਲਕਾ ਦੀ ਦਾਣਾ ਮੰਡੀ ਦੀਆਂ ਤਸਵੀਰਾਂ ਬੇਹੱਦ ਚਿੰਤਾਜਨਕ ਹਨ, ਜਿੱਥੇ ਕਿਸਾਨਾਂ ਦੀ ਕਈ ਮਹੀਨਿਆਂ ਦੀ ਮਿਹਨਤ ਨਾਲ ਤਿਆਰ ਕੀਤੀ ਝੋਨੇ ਦੀ ਫ਼ਸਲ ਮੀਂਹ ਦੇ ਪਾਣੀ ਵਿੱਚ ਡੁੱਬੀ ਪਈ ਹੈ। ਮੰਡੀ ਦੇ ਹਾਲਾਤ ਦੇਖ ਕੇ ਇੰਝ ਲੱਗਦਾ ਹੈ ਜਿਵੇਂ ਇਹ ਅਨਾਜ ਮੰਡੀ ਨਹੀਂ, ਸਗੋਂ ਛੱਪੜ ਹੋਵੇ।

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮੀਂਹ ਕੁਦਰਤੀ ਵਰਤਾਰਾ ਹੈ, ਪਰ ਇਸ ਦੌਰਾਨ ਕਿਸਾਨਾਂ ਦੀ ਫ਼ਸਲ ਨੂੰ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਕਰਨਾ ਸਰਕਾਰ ਦੀ ਜਵਾਬਦੇਹੀ ’ਤੇ ਸਵਾਲ ਖੜ੍ਹੇ ਕਰਦਾ ਹੈ। ਮੰਡੀਆਂ ਵਿੱਚ ਫ਼ਸਲ ਦੀ ਸੰਭਾਲ ਲਈ ਲੋੜੀਂਦੀਆਂ ਤਰਪਾਲਾਂ ਅਤੇ ਹੋਰ ਪ੍ਰਬੰਧਾਂ ਦੀ ਘਾਟ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਇਹ ਸਮੱਸਿਆ ਸਿਰਫ਼ ਫਾਜ਼ਿਲਕਾ ਤੱਕ ਸੀਮਤ ਨਹੀਂ, ਸਗੋਂ ਪੰਜਾਬ ਦੇ ਹੋਰ ਕਈ ਸ਼ਹਿਰਾਂ ਅਤੇ ਪਿੰਡਾਂ ਤੋਂ ਵੀ ਅਜਿਹੇ ਹਾਲਾਤ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਜਦੋਂ ਸੀਜ਼ਨ ਦੀ ਸ਼ੁਰੂਆਤ ਵਿੱਚ ਹੀ ਇਹ ਹਾਲਾਤ ਹਨ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ, ਇਸ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਮੰਡੀਆਂ ਵਿੱਚ ਪਾਣੀ ਦੀ ਨਿਕਾਸੀ, ਤਰਪਾਲਾਂ, ਫ਼ਸਲ ਦੀ ਸੁਰੱਖਿਅਤ ਸੰਭਾਲ ਅਤੇ ਝੋਨੇ ਦੀ ਨਿਰਵਿਘਨ ਖਰੀਦ ਦੇ ਪ੍ਰਬੰਧ ਯਕੀਨੀ ਬਣਾਏ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਟੇਜਾਂ ਤੋਂ ਚੁਟਕਲੇ ਸੁਣਾਉਣ ਅਤੇ ਬਿਆਨਬਾਜ਼ੀ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਕਿਸਾਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ। ਕਿਸਾਨਾਂ ਨੂੰ ਆਪਣੀ ਫ਼ਸਲ ਬਚਾਉਣ ਲਈ ਖੁਦ ਜੱਦੋ-ਜਹਿਦ ਕਰਨੀ ਪੈ ਰਹੀ ਹੈ