ਚੰਡੀਗੜ੍ਹ, 2 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਚੱਲ ਰਹੀਆਂ ਪੈਰਿਸ ਓਲੰਪਿਕ ਖੇਡਾਂ ਵਿੱਚ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਲਈ ਭਾਰਤੀ ਹਾਕੀ ਦਲ ਨੂੰ ਵਧਾਈ ਦਿੱਤੀ ਹੈ।
ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਹਰਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਨੂੰ ਜਿੱਤ ਵੱਲ ਤੋਰਿਆ ਹੈ।
ਮੁੱਖ ਮੰਤਰੀ ਨੇ ਕਲਪਨਾ ਕੀਤੀ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਨੂੰ ਮਾਣ ਮਹਿਸੂਸ ਕੀਤਾ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਆਉਣ ਵਾਲੇ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮਗਾ ਜਿੱਤੇਗੀ।