ਮੁਲਜ਼ਮ ਦੇ ਬੈਂਕ ਖਾਤੇ ਵਿੱਚ ਪਹਿਲਾਂ ਵੀ 20 ਹਜ਼ਾਰ ਰੁਪਏ ਆਏ ਸਨ
ਚੰਡੀਗੜ੍ਹ, 25 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਇੱਕ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਡੇਰਾਬੱਸੀ ਤਹਿਸੀਲ, ਐਸ.ਏ.ਐਸ.ਨਗਰ ਦੇ ਪਿੰਡ ਕਿਸ਼ਨਪੁਰਾ ਵਾਸੀ ਸਤੀਸ਼ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੇ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਤਸਦੀਕ ਕਰਨ ਲਈ ਇੱਕ ਲੱਖ ਰੁਪਏ ਦੀ ਮੰਗ ਕੀਤੀ ਸੀ। ਉਸਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਵੀ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ 20,000 ਰੁਪਏ ਕਢਵਾ ਚੁੱਕਾ ਹੈ ਅਤੇ ਰਿਸ਼ਵਤ ਦੇ ਬਾਕੀ ਰਹਿੰਦੇ ਬਕਾਏ ਦੀ ਮੰਗ ਕਰ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ EOW ਦੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 20,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ EOW ਲੁਧਿਆਣਾ ਯੂਨਿਟ ਵਿੱਚ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।