ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦੂਰਅੰਦੇਸ਼ੀ ਯਤਨਾਂ ਹੇਠ ਪੰਜਾਬ ਵਿੱਚ ਚੱਲ ਰਹੀ ‘ਸਿੱਖਿਆ ਕ੍ਰਾਂਤੀ’ ਤਹਿਤ ਹਲਕਾ ਅਮਲੋਹ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕਾਰਜ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੋਬਿੰਦਗੜ੍ਹ ਵਿਖੇ ਬੱਚਿਆਂ ਲਈ ਤਿਆਰ ਕੀਤਾ ਗਿਆ ਨਵਾਂ ਆਧੁਨਿਕ ਕਲਾਸ ਰੂਮ ਅਤੇ ਨਵੀਂ ਚਾਰ ਦੀਵਾਰੀ ਰਸਮੀ ਤੌਰ ‘ਤੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਅਰਪਿਤ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਣਯੋਗ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਰਕਾਰੀ ਸਕੂਲਾਂ ਦੀ ਦਿੱਖ ਬਦਲ ਕੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਵਧੀਆ ਤੇ ਵਿਸ਼ਵ ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਹੈ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ, ਸਾਡੀ ਨਵੀਂ ਪੀੜ੍ਹੀ ਅਤੇ ਬੱਚਿਆਂ ਦਾ ਉੱਜਵਲ ਭਵਿੱਖ ਸਾਡੀ ਸਭ ਤੋਂ ਵੱਡੀ ਪਹਿਲ ਹੈ। ਸਕੂਲ ਵਿੱਚ ਨਵੇਂ ਆਧੁਨਿਕ ਕਲਾਸ ਰੂਮ ਦੇ ਬਣਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਮਾਹੌਲ ਮਿਲੇਗਾ, ਜਦਕਿ ਨਵੀਂ ਚਾਰ ਦੀਵਾਰੀ ਨਾਲ ਸਕੂਲ ਦੀ ਸੁਰੱਖਿਆ ਹੋਰ ਮਜ਼ਬੂਤ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਹਲਕਾ ਅਮਲੋਹ ਦੇ ਹਰੇਕ ਪਿੰਡ ਅਤੇ ਸ਼ਹਿਰ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਣਾਉਣ ਲਈ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ ਅਤੇ ਸਿੱਖਿਆ ਦੇ ਖੇਤਰ ਵਿੱਚ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਸਕੂਲ ਪ੍ਰਬੰਧਕੀ ਸਟਾਫ਼, ਪਾਰਟੀ ਦੇ ਸੀਨੀਅਰ ਆਗੂ, ਅਹੁਦੇਦਾਰ, ਪੰਚ-ਸਰਪੰਚ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।


